ਪਰਸ਼ੋਤਮ ਬੱਲੀ
ਬਰਨਾਲਾ, 29 ਅਕਤੂਬਰ
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ ਜਿਸ ਕਰਕੇ ਇਸ ਪਾਰਟੀ ਦੇ ਰਾਜ ’ਚ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਇਹ ਗੱਲਾਂ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਰਨਾਲਾ ਵਿਖੇ ਕਾਂਗਰਸ ਦੇ ਹਲਕਾ ਬਰਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਚੋਣ ਮੁਹਿੰਮ ਦੀ ਰਣਨੀਤੀ ਬਨਾਉਣ ਲਈ ਕਾਂਗਰਸ ਦੀ ਸਥਾਨਕ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਨਾਲ ਭਰਵੀਂ ਮੀਟਿੰਗ ਉਪਰੰਤ ਪ੍ਰੈੱਸ ਨਾਲ ਗੱਲਬਾਤ ਦੌਰਾਨ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੀ ਆਸ ਦਿਖਾ ਕੇ ਸੱਤਾ ‘ਚ ਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫਲਾਪ ਚੁੱਕੀ ਹੈ। ਕਿਸੇ ਪਾਸੇ ਵੀ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਤੇ ਸੂਬੇ ਦੇ ਲੋਕਾਂ ਦਾ ਸੂਬਾ ਸਰਕਾਰ ਤੋਂ ਮੋਹ ਪੂਰੀ ਤਰਾਂ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਅੰਦਰ ਜਿੱਥੇ ਨਸ਼ਾ ਪਹਿਲਾਂ ਨਾਲੋਂ ਵਧ ਚੁੱਕਾ ਹੈ, ਉੱਥੇ ਹੀ ਭਿ੍ਸ਼ਟਾਚਾਰ ਵੀ ਹੱਦਾਂ ਟੱਪ ਚੁੱਕਾ ਹੈ। ਉਨ੍ਹਾਂ ਕਾਂਗਰਸ ਦੀ ਸਰਕਾਰ ਸਮੇਂ ਹੋਏ ਵਿਕਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਵਿਕਾਸ ਨਹੀਂ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਰੰਧਾਵਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਦਫ਼ਤਰ ਇੰਚਾਰਜ ਚੰਡੀਗੜ ਪੰਜਾਬ ਪ੍ਰਦੇਸ਼ ਕਾਂਗਰਸ ਸੰਦੀਪ ਸੰਧੂ ਆਦਿ ਹਾਜ਼ਰ ਸਨ।
ਪੰਜਾਬ ’ਚੋਂ ਰੁਜ਼ਗਾਰ ਖ਼ਤਮ: ਕਾਲਾ ਢਿੱਲੋਂ
ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਲਈ ਸੂਬੇ ’ਚ ਰੁਜ਼ਗਾਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਸਰਕਾਰ ਬਣਾਉਣ ਸਮੇਂ ‘ਆਪ’ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕਰਨੇ ਤਾਂ ਦੂਰ ਦੀ ਗੱਲ, ਸਗੋਂ ਆਏ ਦਿਨ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਨੂੰ ਆਰਥਿਕ ਤੌਰ ’ਤੇ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।