ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਭਖੜਿਆਲ ਵਿੱਚ ਤੀਜੇ ਹਿੱਸੇ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਗ੍ਰਾਮ ਪੰਚਾਇਤ ਅਤੇ ਮਜ਼ਦੂਰਾਂ ਵਿਚਕਾਰ ਵਧ ਰਿਹਾ ਰੇੜਕਾ ਅੱਜ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ ਦੇ ਦਰਬਾਰ ਪੁੱਜ ਗਿਆ। ਮਜ਼ਦੂਰ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਇਨਸਾਫ਼ ਲਈ ਪ੍ਰਸ਼ਾਸਨਿਕ ਅਧਿਕਾਰੀ ਕੋਲ ਅਰਜੋਈ ਕਰਦਿਆਂ ਉਨ੍ਹਾਂ ਨੂੰ ਅਪੀਲਾਂ-ਦਲੀਲਾਂ ਨਾਲ ਮਜ਼ਦੂਰਾਂ ਦਾ ਹੱਕ ਸਮਝਾਇਆ। ਇਸ ਦੌਰਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਕਾਮਰੇਡ ਗੁਰਸੇਵਕ ਸਿੰਘ ਮਾਨਬੀਬੜੀਆਂ, ਕਿਰਤੀ ਮਜ਼ਦੂਰ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੂਬਾਈ ਆਗੂ ਬਬਲੀ ਬੁਢਲਾਡਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਕਾਮਰੇਡ ਕ੍ਰਿਸ਼ਨ ਚੌਹਾਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਜਰਨੈਲ ਸਿੰਘ ਮਾਨਸਾ, ਬੀਐੱਸਪੀ ਦੇ ਆਗੂ ਤੇਜ਼ ਸਿੰਘ ਬਰੇਟਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਪਿੰਡ ਦੇ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਪਲਾਂਟ ਦੇਣ ਦਾ ਮਾਮਲਾ ਤਾਂ ਵਿਚਾਲੇ ਹੀ ਰਹਿ ਗਿਆ ਹੈ ਤੇ ਹੁਣ ਮਜ਼ਦੂਰਾਂ ਦੇ ਹਿੱਸੇ ਦੀ ਜ਼ਮੀਨ ਦੀ ਬੋਲੀ ਪਿਛਲੇ ਚਾਰ ਸਾਲਾਂ ਤੋਂ ਸਰਕਾਰੀ ਨਿਯਮਾਂ ਅਨੁਸਾਰ ਨਹੀਂ ਹੋ ਰਹੀ ਹੈ। ਜਥੇਬੰਦੀਆਂ ਨੇ ਅਧਿਕਾਰੀ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਮਜ਼ਦੂਰਾਂ ਨੂੰ ਪਲਾਟ ਅਲਾਟ ਕੀਤੇ ਜਾਣ ਅਤੇ ਮਜ਼ਦੂਰਾਂ ਦੇ ਹਿੱਸੇ ਦੀ ਜ਼ਮੀਨ ਦੀ ਬੋਲੀ, ਜੋ ਗਲਤ ਢੰਗ ਨਾਲ ਕਰਵਾਈ, ਉਸ ਨੂੰ ਠੀਕ ਢੰਗ ਨਾਲ ਦੁਆਰਾ ਘੱਟ ਰੇਟ ’ਤੇ ਕਰਵਾਈ ਜਾਵੇ। -ਪੱਤਰ ਪ੍ਰੇਰਕ