ਪਰਸ਼ੋਤਮ ਬੱਲੀ
ਬਰਨਾਲਾ, 25 ਫਰਵਰੀ
ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਦੇ ਖਿਲਾਫ਼ ਸੰਯੁੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਚੱਲ ਰਿਹਾ ਕਿਸਾਨ ਘੋਲ 148ਵੇਂ ਦਿਨ ਵੀ ਜ਼ੋਸ਼ੋ-ਖ਼ਰੋਸ਼ ਨਾਲ ਜਾਰੀ ਰਿਹਾ| ਅੱਜ ਦੇ ਬੁਲਾਰਿਆਂ ‘ਚ ਸ਼ਾਮਲ ਚਰਨਜੀਤ ਕੌਰ, ਗੁਲਾਬ ਸਿੰਘ ਗਿੱਲ, ਗੁਰਨਾਮ ਸਿੰਘ ਠੀਕਰੀਵਾਲਾ, ਹਰਦੇਵ ਸਿੰਘ ਛੀਨੀਵਾਲ, ਖੁਸ਼ੀਆ ਸਿੰਘ, ਅਮਰਜੀਤ ਕੌਰ, ਜਸਪਾਲ ਕੌਰ ਆਦਿ ਨੇ ਕਿਹਾ ਕਿ ਕੇਂਦਰੀ ਮੋਦੀ ਹਕੂਮਤ ਸਰਮਾਏਦਾਰਾਂ ਦੇ ਹੱਕ ‘ਚ ਭੁਗਤਦੀ ਬੇਸ਼ੱਕ ਲੋਕਾਂ ਪ੍ਰਤੀ ਬੇਰੁਖੀ ਤੇ ਜ਼ਾਲਮਾਨਾ ਪਹੁੰਚ ਅਪਣਾਵੇ ਪਰੰਤੂ ਆਖਿਰ ਲੋਕ ਏਕੇ ਨਾਲ ਸੰਗਰਾਮ ਦੀ ਜਿੱਤ ਯਕੀਨੀ ਹੈ|
ਮਾਨਸਾ (ਜੋਗਿੰਦਰ ਸਿੰਘ ਮਾਨ): ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੇ ਸੱਦੇ ਤਹਿਤ ਅੱਜ ਮਾਨਸਾ ਵਿਖੇ ਤਾਨਾਸ਼ਾਹ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੈਲੀ ਕਰਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਹਿਟਲਰ ਨਾਲ ਕਰਦਿਆਂ ਉਸ ਨੂੰ ਸਰਕਾਰੀ ਅਦਾਰਿਆਂ ਨੂੰ ਵੇਚਣ ਵਾਲਾ ਵਪਾਰੀ ਦੱਸਿਆ। ਇਸ ਰੈਲੀ ਨੂੰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਸੰਬੋਧਨ ਕੀਤਾ।
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਗਤ ਰਵੀਦਾਸ ਦੇ ਪ੍ਰਕਾਸ਼ ਉਤਸਵ ਅਤੇ ਦੇਸ਼ ਦੀ ਅਜ਼ਾਦੀ ਲਹਿਰ ਵਿੱਚ ਅੰਗਰੇਜ਼ਾਂ ਵਿਰੁੱਧ ਜੂਝ ਕੇ ਜਿੰਦਗੀ ਵਾਰਨ ਵਾਲੇ ਚੰਦਰ ਸੇਖਰ ਅਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 26 ਫਰਵਰੀ ਨੂੰ ਹਜ਼ਾਰਾਂ ਕਿਸਾਨ ਮਾਲਵਾ ਖੇਤਰ ’ਚੋਂ ਦਿੱਲੀ ਲਈ ਕੂਚ ਕਰਨਗੇ।
ਮਾਨਸਾ ਵਿਖੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਰੇਲਵੇ ਸਟੇਸ਼ਨ ’ਤੇ ਲੱਗਾ ਕਿਸਾਨ ਮੋਰਚਾ ਅੱਜ 148ਵੇਂ ਦਿਨ ਮੰਚ ਤੋਂ ਬੁਲਾਰਿਆਂ ਨੇ ਕਿਹਾ ਕਿ ਦਿੱਲੀ ਵੱਲ ਜੱਥਿਆਂ ਦੇ ਜਾਣ ਦੀਆਂ ਜ਼ੋਰਦਾਰ ਤਿਆਰੀਆਂ ਹੋ ਰਹੀਆਂ ਹਨ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਰਾਮਪੁਰਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਚੱਲ ਰਿਹਾ ਮੋਰਚਾ ਅੱਜ 148ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਨੂੰਨਾਂ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਦਰਸ਼ਨ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਕੇਂਦਰ ਸਰਕਾਰ ਦਮਨਕਾਰੀ ਨੀਤੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੇ ਹੱਥਕੰਡੇ ਵਰਤ ਰਹੀ ਹੈ, ਪਰ ਕਿਸਾਨ ਪਿੱਛੇ ਹਟਣ ਵਾਲੇ ਨਹੀਂ। ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਨੂੰ ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣ।
ਭਾਜਪਾ ਜਿਲ੍ਹਾ ਪ੍ਰਧਾਨ ਤੇ ਅਡਾਨੀ ਅਨਾਜ ਭੰਡਾਰ ਅੱਗੇ ਪੱਕੇ ਧਰਨੇ ਜਾਰੀ
ਮੋਗਾ (ਮਹਿੰਦਰ ਸਿੰਘ ਰੱਤੀਆਂ): ਬੀਕੇਯੂ ਏਕਤਾ ਉਗਰਾਹਾਂ ਆਗੁ ਬਲੌਰ ਸਿੰਘ ਘਾਲੀ ਅਤੇ ਗੁਰਮੀਤ ਸਿੰਘ ਕਿਸ਼ਨਪੁਰਾ ਅਤੇ ਲਖਵੀਰ ਸਿੰਘ ਖੋਸਾ ਪਾਂਡੋ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਭਾਜਪਾ ਜਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 123ਵੇਂ ਤੇ ਅਡਾਨੀ ਅਨਾਜ ਭੰਡਾਰ ਅੱਗੇ ਪੱਕਾ ਧਰਨਾ ਜਾਰੀ ਰਿਹਾ। ਕਿਸਾਨ ਆਗੂਆਂ ਨੇ ਜੇਲ੍ਹਾਂ ’ਚ ਡੱਕੇ ਅੰਦੋਲਨਕਾਰੀਆਂ ਦੀ ਤੁਰੰਤ ਰਿਹਾਈ ਤੇ ਦਰਜ ਕੇਸ ਅਤੇ ਦਿੱਲੀ ਪੁਲੀਸ ਵੱਲੋਂ ਕਬਜ਼ੇ ਵਿੱਚ ਲਏ ਟਰੈਕਟਰ ਵਾਪਸ ਕਰਨ ਦੀ ਮੰਗ ਕੀਤੀ।