ਜੋਗਿੰਦਰ ਸਿੰਘ ਮਾਨ
ਮਾਨਸਾ, 7 ਅਕਤੂਬਰ
ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਨੇ ਜਸਟਿਸ ਜਸਵੀਰ ਸਿੰਘ ਦੀ ਅਗਵਾਈ ਹੇਠ ਅੱਜ ਮਾਨਸਾ ਸ਼ਹਿਰ ਦਾ ਦੌਰਾ ਕੀਤਾ ਅਤੇ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ, ਗੰਦੇ ਪਾਣੀ ਵਾਲੇ ਟੋਭੇ ਅਤੇ ਐੱਮਆਰਐੱਫ਼ ਸੈਂਟਰਾਂ ਦਾ ਨਿਰੀਖਣ ਕੀਤਾ। ਇਸ ਮੌਕੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਮਾਨਿਟਰਿੰਗ ਕਮੇਟੀ ਦੇ ਮੈਂਬਰ ਐੱਸਸੀ ਅਗਰਵਾਲ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਚੱਲ ਰਹੀ ਗੁੱਟਬਾਜ਼ੀ ਕਰਕੇ ਹੀ ਸ਼ਹਿਰ ਦੇ ਵਿਕਾਸ ਕੰਮਾਂ ਦਾ ਕਾਰਜ ਰੁਕਿਆ ਹੋਇਆ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਉਨ੍ਹਾਂ ਮਾਨਸਾ ਸ਼ਹਿਰ ਦਾ ਦੌਰਾ ਕੀਤਾ ਸੀ ਤਾਂ ਇਥੇ ਸੋਲਿਡ ਵੇਸਟ ਦਾ ਹਾਲ ਗੈਰਤਸੱਲੀਬਖ਼ਸ਼ ਸੀ ਅਤੇ ਉਸ ਸਮੇਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਅਫਸੋਸ ਹੈ ਕਿ ਸ਼ਹਿਰ ਦੇ ਵਿਚਕਾਰ ਬਣੇ ਕੂੜੇ ਦੇ ਡੰਪ ਦੇ ਹਾਲਾਤ ਬਿਲਕੁਲ ਵੀ ਨਹੀਂ ਸੁਧਰੇ। ਇਸੇ ਦੌਰਾਨ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸ਼ਹਿਰ ਦੇ ਵਿਚਕਾਰ ਕੂੜੇ ਦੇ ਡੰਪ ਬਣੇ ਹੋਏ ਹਨ ਅਤੇ ਪਾਣੀ ਦੀ ਬਦਬੂ ਆ ਰਹੀ ਹੈ, ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ।