ਪੱਤਰ ਪ੍ਰੇਰਕ
ਮਾਨਸਾ, 1 ਸਤੰਬਰ
ਇਥੇ ਕੁੱਲ ਹਿੰਦ ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੱਦੇ ’ਤੇ ਖੇਤੀ ਆਰਡੀਨੈਂਸਾਂ ਸਮੇਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਅਤੇ ਵਧੀਕੀਆਂ ਖ਼ਿਲਾਫ਼ ਜ਼ਿਲ੍ਹਾ ਕਚਹਿਰੀਆਂ ਵਿਚ ਰੋਸ ਧਰਨਾ ਦਿੱਤਾ ਗਿਆ। ਸੀਪੀਆਈ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਸਾਂਝੇ ਸੰਘਰਸ਼ ਕਰਨ ਤਦਾ ਸੱਦਾ ਦਿੱਤਾ। ਕਾਮਰੇਡ ਅਰਸ਼ੀ ਨੇ ਕਿਹਾ ਕਿ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਐਕਟ 2020 ਸਮੇਤ ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਨੇ ਅਕਾਲੀ-ਭਾਜਪਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਕਿਸਾਨਾਂ-ਮਜ਼ਦੂਰਾਂ ਵਿਰੋਧੀ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਵੋਟ ਪਾ ਕੇ ਲੋਕਾਂ ਨੂੰ ਚਿੱਠੀ ਰਾਹੀਂ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ-ਮਜ਼ਦੂਰਾਂ ਅਤੇ ਮਾਈਕਰੋ ਫਾਇਨਾਂਸ ਕੰਪਨੀ ਤੋਂ ਪੀੜਤ ਔਰਤਾਂ ਨੂੰ ਸੰਘਰਸ਼ ਲਈ ਅੱਗੇ ਆਉਣ ਦੀ ਅਪੀਲ ਕੀਤੀ।