ਪੱਤਰ ਪ੍ਰੇਰਕ
ਜ਼ੀਰਾ, 3 ਅਕਤੂਬਰ
ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਅੱਜ ਦਾਣਾ ਮੰਡੀ ਜ਼ੀਰਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖਰੀਦ, ਲਿਫਟਿੰਗ ਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਾਰੇ ਝੋਨੇ ਦੀ ਖਰੀਦ ਕਰੇਗੀ। ਇਸ ਮੌਕੇ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ, ਬਸੰਤ ਸਿੰਘ ਸਕੱਤਰ, ਅੰਗਰੇਜ਼ ਸਿੰਘ ਸਨ੍ਹੇਰ ਉਪ ਪ੍ਰਧਾਨ, ਸਤਵੰਤ ਸਿੰਘ ਪ੍ਰੈੱਸ ਸਕੱਤਰ ਹਾਜ਼ਰ ਸਨ।