ਪੱਤਰ ਪ੍ਰੇਰਕ
ਗਿੱਦੜਬਾਹਾ, 28 ਮਈ
ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਅੱਜ 15ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੌਰਾਨ ਸਫਾਈ ਕਰਮਚਾਰੀਆਂ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਅਤੇ ਸੂਬਾ ਜਰਨਲ ਸਕੱਤਰ ਰਮੇਸ਼ ਗੈਚੰਦ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਸੋਮਵਾਰ ਤੋਂ ਸਰਕਾਰ ਖ਼ਿਲਾਫ਼ ਬਾਜ਼ਾਰਾਂ ਵਿੱਚ ਰੋਸ਼ ਪ੍ਰਦਰਸ਼ਨ ਕਰ ਅਰਥੀ ਫੂਕ ਮੁਜ਼ਾਹਰੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਬਾਲੇ ਰਾਮ, ਰਾਜਿੰਦਰ ਕੁਮਾਰ, ਪਵਨ ਕੁਮਾਰ, ਰਾਜੇਸ਼ ਕੁਮਾਰ ਹਾਜ਼ਰ ਸਨ।
ਭਗਤਾ ਭਾਈ (ਪੱਤਰ ਪ੍ਰੇਰਕ): ਨਗਰ ਪੰਚਾਇਤ ਭਗਤਾ ਭਾਈ ਵਿੱਚ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਕਰਕੇ ਲਗਾਇਆ ਧਰਨਾ ਅੱਜ 16ਵੇਂ ਦਿਨ ਵਿਚ ਦਾਖਲ ਹੋ ਗਿਆ। ਇਸ ਮੌਕੇ ਸਥਾਨਕ ਇਕਾਈ ਦੇ ਪ੍ਰਧਾਨ ਸੁਖਦੀਪ ਕੁਮਾਰ, ਚੇਅਰਮੈਨ ਸੰਨ੍ਹੀ ਕੁਮਾਰ, ਮੀਤ ਪ੍ਰਧਾਨ ਸੰਜੀਵ ਕੁਮਾਰ ਅਤੇ ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਹਾਜ਼ਰ ਸਨ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਨਗਰ ਕੌਂਸਲ ਦੇ ਸਫਾਈ ਸੇਵਕਾਂ ਨੇ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਦੌਰਾਨ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ।
ਹੜਤਾਲ ਕਾਰਨ ਸਫ਼ਾਈ ਦਾ ਮੰਦਾ ਹਾਲ
ਬਰੇਟਾ (ਪੱਤਰ ਪ੍ਰੇਰਕ): ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਬਰੇਟਾ ਵੱਲੋਂ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਪਿਛਲੇ 15 ਦਿਨਾਂ ਤੋਂ ਸਫ਼ਾਈ ਦਾ ਕੰਮ ਬੰਦ ਕਰਕੇ ਨਗਰ ਕੌਂਸਲ ਦੇ ਵਿਹੜੇ ਵਿੱਚ ਦਰੀਆਂ ਵਿਛਾ ਕੇ ਹਰ ਰੋਜ਼ ਧਰਨਾ ਦਿੱਤਾ ਜਾ ਰਿਹਾ ਹੈ। ਹੜਤਾਲ ਸਦਕਾ ਥਾਂ-ਥਾਂ ਤੇ ਕੂੜੇ ਦੇ ਢੇਰ ਲੱਗੇ ਪਏ ਹਨ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਸਥਾਨਕ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਵਿਨੋਦ ਕੁਮਾਰ, ਫ਼ਰਮੋਜ਼ ਕੁਮਾਰ, ਸੌਦਾਗਰ ਜੱਜੀ, ਅਸ਼ੋਕ ਕੁਮਾਰ ਨੇ ਕਿਹਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ।
ਸ਼ਹਿਰ ਦੀ ਸਫਾਈ ਆਊਟ ਆਫ ਕੰਟਰੋਲ ਹੋਈ
ਮਾਨਸਾ (ਪੱਤਰ ਪ੍ਰੇਰਕ): ਸ਼ਹਿਰ ਦੇ ਸਫ਼ਾਈ ਕਾਰਜ ਆਊਟ ਆਫ਼ ਕੰਟਰੋਲ ਹੋ ਗਏ ਹਨ। ਹਰ ਪਾਸੇ ਗੰਦਗੀ ਹੀ ਗੰਦਗੀ ਨਜ਼ਰ ਆਉਂਦੀ ਹੈ। ਸ਼ਹਿਰ ਦੀਆਂ ਵੀਆਈਪੀ ਸੜਕਾਂ ਉਪਰ ਸਫ਼ਾਈ ਦਾ ਮਾੜਾ ਹਾਲ ਹੈ। ਨਗਰ ਕੌਸਲ ਦੇ ਪ੍ਰਧਾਨ ਜਸਵੀਰ ਕੌਰ ਚੌਹਾਨ ਨੇ ਮੰਨਿਆ ਕਿ ਸ਼ਹਿਰ ਦੀ ਸਫਾਈ ਦਾ ਸੱਚਮੁੱਚ ਸੱਤਿਆਨਾਸ ਹੋਇਆ ਹੈ, ਪਰ ਛੇਤੀ ਹੀ ਕਾਮਿਆਂ ਦੀਆਂ ਤਕਲੀਫ਼ਾਂ ਵੱਲ ਗੌਰ ਕਰਕੇ ਸ਼ਹਿਰ ਨੂੰ ਸੁੰਦਰ ਬਣਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਧਰ ਸਫ਼ਾਈ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੌਸਲ ਦਫ਼ਤਰ ਵਿੱਚ ਅੱਜ ਮੁੜ 16ਵੇਂ ਦਿਨ ਧਰਨਾ ਲਾਇਆ ਗਿਆ ਅਤੇ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।