ਪੱਤਰ ਪ੍ਰੇਰਕ
ਮਾਨਸਾ, 26 ਜੁਲਾਈ
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਕਮੇਟੀ ਮਾਨਸਾ ਵੱਲੋਂ ਪ੍ਰਬੰਧਕੀ ਕੰਪਲੈਕਸ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਕਿਹਾ ਕਿ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕ ਅਤੇ ਐੱਨ.ਐੱਸ.ਕਿਊ.ਐੱਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 2004 ਤੋਂ ਬਾਅਦ ਭਰਤੀ ਕੀਤੇ ਸਾਰੇ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਤੇ ਮੁਲਾਜ਼ਮਾਂ ਦੀ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਭੱਤੇ ਤੁਰੰਤ ਬਹਾਲ ਕੀਤੇ ਜਾਣ। ਇਸ ਮੌਕੇ ਹਰਜਿੰਦਰ ਅਨੂਪਗੜ੍ਹ, ਸੁਖਵੰਤ ਸਮਾਓ, ਦਮਨਜੀਤ ਸਿੰਘ, ਨਿਧਾਨ ਸਿੰਘ, ਤਰਵਿੰਦਰ ਹੀਰੇਵਾਲਾ, ਗੁਰਜੀਤ ਮਾਨਸਾ ਤੇ ਗੁਰਪ੍ਰੀਤ ਭੀਖੀ ਨੇ ਵੀ ਸੰਬੋਧਨ ਕੀਤਾ।