ਜੋਗਿੰਦਰ ਸਿੰਘ ਮਾਨ
ਮਾਨਸਾ, 12 ਦਸੰਬਰ
ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਮਾਨਸਾ ਵਿਖੇ ਚਾਰ ਘੰਟਿਆਂ ਲਈ ਦਿੱਲੀ-ਬਠਿੰਡਾ ਰੇਲਵੇ ਲਾਈਨ ’ਤੇ ਧਰਨਾ ਦਿੱਤਾ। ਧਰਨਾਕਾਰੀਆਂ ਨੇ ਕਿਹਾ ਕਿ 23 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਸਾਂਝੇ ਮਜ਼ਦੂਰ ਮੋਰਚਾ ਦੀ ਹੋਈ ਮੀਟਿੰਗ ’ਚ ਮੰਨੀਆਂ ਮੰਗਾਂ ਨੂੰ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮਜ਼ਦੂਰ ਮੰਗਾਂ ਲਾਗੂ ਨਾ ਕੀਤੀਆਂ ਤਾਂ ਮਜ਼ਦੂਰ ਸੰਘਰਸ਼ ਕਰਨਗੇ।
ਪੰਜਾਬ ਭਰ ’ਚ ਲਾਏ ਇਨ੍ਹਾਂ ਧਰਨਿਆਂ ’ਚ ਮਜ਼ਦੂਰ ਮੁਕਤੀ ਮੋਰਚਾ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਪੰਜਾਬ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰਾਂ ਵੱਲੋਂ ਭਾਗ ਲਿਆ ਗਿਆ। ਇਥੇ ਰੇਲਵੇ ਲਾਈਨਾਂ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਂ ਥੋੜੇ ਸਮੇਂ ਵਿੱਚ ਹੀ ਸਭ ਤੋਂ ਲਾਰੇ ਲਾਊ ਸਰਕਾਰ ਹੋਣ ਦਾ ਮਾਣ ਹਾਸਲ ਕਰ ਲਿਆ ਹੈ।
ਗਿੱਦੜਬਾਹਾ (ਪੱਤਰ ਪ੍ਰੇਰਕ) ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਦੇ ਸੱਦੇ ਤੇ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਖੇਤ ਮਜ਼ਦੂਰ ਸਭਾ, ਮਨਰੇਗਾ ਪ੍ਰਾਪਤੀ ਯੂਨੀਅਨਾਂ ਵੱਲੋਂ ਗਿੱਦੜਬਾਹਾ ’ਚ ਲੰਬੀ ਫਾਟਕ ਕੋਲ ਰੇਲ ਜਾਮ ਕਰਕੇ ਧਰਨਾ ਦਿੱਤਾ।