ਪੱਤਰ ਪ੍ਰੇਰਕ
ਮਮਦੋਟ, 25 ਮਈ
ਪੰਜਾਬ ਸਰਕਾਰ ਵੱਲੋਂ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਕਿਸਾਨਾਂ ਨੂੰ ਸਬਜ਼ੀਆਂ ਅਤੇ ਘੱਟ ਪਾਣੀ ਵਾਲੀਆਂ ਫ਼ਸਲਾਂ ਬੀਜਣ ਦੀ ਸਲਾਹ ਦਿੱਤੀ ਜਾ ਰਹੀ ਹੈ ਪਰ ਜੋ ਕਿਸਾਨ ਝੋਨੇ ਦੇ ਚੱਕਰ ਵਿਚੋਂ ਨਿਕਲਣ ਵਾਸਤੇ ਸਬਜ਼ੀਆਂ ਦੀ ਕਾਸ਼ਤ ਕਰ ਰਹੇ ਹਨ। ਉਨ੍ਹਾਂ ਨੂੰ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਸਬਜ਼ੀਆਂ ਤੇ ਪਸ਼ੂਆਂ ਦਾ ਚਾਰਾ ਸੁੱਕਣ ਲੱਗਾ ਹੈ। ਇਸ ਸਬੰਧੀ ਪਿੰਡ ਤਰ੍ਹਾਂ ਵਾਲਾ ਦੇ ਕਿਸਾਨ ਗੁਰਦੇਵ ਸਿੰਘ ਸਰਪੰਚ ਨੇ ਦੱਸਿਆ ਕਿ ਉਸ ਵੱਲੋਂ 10 ਏਕੜ ਰਕਬੇ ਵਿਚ ਅਰਬੀ ਅਤੇ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਸਿਰਫ ਇਕ ਘੰਟਾ ਹੀ ਮਿਲਣ ਕਾਰਨ ਉਸ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ। ਉਸ ਨੇ ਦੱਸਿਆ ਕਿ ਇਲਾਕੇ ਵਿੱਚ ਬੀਤੇ ਦਿਨੀਂ ਮੀਂਹ ਵੀ ਨਾਮਾਤਰ ਹੀ ਪਿਆ ਹੈ। ਉਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣਾ ਹੈ ਤਾਂ ਸਬਜ਼ੀਆਂ ਵਾਸਤੇ ਪੂਰੀ ਮਾਤਰਾ ਵਿਚ ਬਿਜਲੀ ਸਪਲਾਈ ਦਿੱਤੀ ਜਾਵੇ।