ਪਵਨ ਗੋਇਲ
ਭੁੱਚੋ ਮੰਡੀ, 15 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਜ਼ ਮਾਲ ਅੱਗੇ ਮੋਰਚਾ ਜਾਰੀ ਰਿਹਾ। ਇਸ ਮੌਕੇ ਬਲਾਕ ਆਗੂ ਬਲਜੀਤ ਸਿੰਘ ਪੂਹਲਾ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਦਿੱਲੀ ਦੇ ਲਾਲ ਕਿਲੇ ’ਤੇ ਝੰਡਾ ਲਹਿਰਾਉਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦੋਂ ਕਿ ਸਾਡੀ ਜਥੇਬੰਦੀ ਨੇ ਅਜਿਹੀ ਕੋਈ ਗੱਲ ਨਹੀਂ ਆਖੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ 18 ਜਨਵਰੀ ਨੂੰ ਕੌਮਾਂਤਰੀ ਔਰਤ ਦਿਵਸ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੇ ਸ਼ਹਿਰ ਧਨੌਲੇ ਅਤੇ ਸੁਰਜੀਤ ਕੁਮਾਰ ਜਿਆਣੀ ਦੇ ਪਿੰਡ ਕਠਹਿਰਾ ਵਿੱਚ ਮਨਾਇਆ ਜਾ ਰਿਹਾ ਹੈ।
ਬਰਨਾਲਾ (ਪਰਸ਼ੋਤਮ ਬੱਲੀ): ਤਿੰਨ ਖੇਤੀ ਕਾਨੂੰਨਾਂ ਦੋ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਦੀਆਂ ਮੰਗਾਂ ਨੂੰ ਸਬੰਧੀ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਲੱਗਿਆ ਧਰਨਾ ਪੂਰੇ ਜੋਸ਼ ਤੇ ਉਤਸ਼ਾਹ ਨਾਲ 107ਵੇਂ ਦਿਨ ਵੀ ਜਾਰੀ ਰਿਹਾ| ਅੱਜ ਦੇ ਧਰਨੇ ਨੂੰ ਗੁਰਦੇਵ ਸਿੰਘ ਮਾਂਗੇਵਾਲ ਤੇ ਬਾਬੂ ਸਿੰਘ ਖੁੱਡੀ ਕਲਾਂ ਸਣੇ ਹੋਰਨਾਂ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ।
ਮਹਿਲ ਕਲਾਂ (ਨਵਕਿਰਨ ਸਿੰਘ): ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਪੱਕੇ ਮੋਰਚੇ ਵਿੱਚ ਕਿਸਾਨਾਂ ਦਾ ਜੋਸ਼ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਹੈ। ਕੇਂਦਰ ਸਰਕਾਰ ਵੱਲੋਂ ਟਰਾਂਸਪੋਰਟਰਾਂ ਅਤੇ ਪੱਤਰਕਾਰ ਨੂੰ ਭੇਜੇ ਗਏ ਨੋਟਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ‘ਤੇ ਕਿਸਾਨ ਸੰਘਰਸ਼ ਦੇ ਹਮਾਇਤੀਆਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਅੱਜ ਖੇਤੀ ਕਾਨੂੰਨਾਂ ਖਿਲਾਫ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਪਲਾਜ਼ਾ ਅੱਗੇ 11 ਕਿਸਾਨ ਭੁੱਖ ਹੜਤਾਲ ’ਤੇ ਬੈਠੇ। ਇਸੇ ਤਰ੍ਹਾਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਰਿਲਾਇੰਸ ਪੈਟਰੋਲ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਧਰਨਾ ਜਾਰੀ ਰਿਹਾ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰਿਲਾਇੰਸ ਪੰਪ ਵਲੂਰ ’ਤੇ ਲਾਇਆ ਧਰਨਾ ਅੱਜ 107ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਧਰਨੇ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਦੱਸਿਆ ਕਿ ਹੇਮਾ ਮਾਲਿਨੀ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਅੰਦੋਲਨਕਾਰੀ ਕਿਸਾਨ ਆਪਣੀਆਂ ਮੰਗਾਂ ਬਾਰੇ ਨਹੀਂ ਜਾਣਦੇ ਹਨ, ਜਦੋਂ ਕਿ ਭਾਰਤ ਦੇ ਸਾਰੇ ਜ਼ਿਲ੍ਹਿਆਂ ਦੇ ਕਿਸਾਨ ਦਿੱਲੀ ਵਿੱਚ ਧਰਨਾ ਲਾ ਕੇ ਬੈਠੇ ਹਨ, ਹਰੇਕ ਕਿਸਾਨ ਦੀ ਇੱਕੋ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ, ਕਿਉਂਕਿ ਇਹ ਕਾਨੂੰਨ ਕਿਸਾਨਾਂ ਲਈ ਘਾਤਕ ਹਨ। ਉਨ੍ਹਾਂ ਕਿਹਾ ਕਿ ਹੇਮਾ ਮਾਲਿਨੀ ਨੂੰ ਸਿਰਫ ਫ਼ਿਲਮਾਂ ਬਾਰੇ ਹੀ ਜਾਣਕਾਰੀ ਹੈ, ਉਸ ਨੂੰ ਇਹ ਨਹੀਂ ਪਤਾ ਕਿ ਕਣਕ, ਝੋਨੇ ਦੀ ਫ਼ਸਲ ਕਿਵੇਂ ਬੀਜੀ ਜਾਂਦੀ ਹੈ ।
ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਦੇ ਰੇਲਵੇ ਸਟੇਸ਼ਨ ’ਤੇ ਲੱਗਿਆ ਪੱਕਾ ਮੋਰਚਾ ਅੱਜ 107ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹਰੀਕੇ ਨੇ ਕਿਹਾ ਕਿ ਮੋਦੀ ਸਰਕਾਰ ਅਜੇ ਤੱਕ ਵੀ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸ ਰਹੀ ਹੈ, ਜਦੋਂ ਕਿ ਇਹ ਘੋਲ ਪੰਜਾਬ ਹਰਿਆਣਾ ਤੋਂ ਹੁੰਦਾ ਹੋਇਆ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਇੱਕਠਾ ਕਰਕੇ ਇਹ ਦਿਵਸ ਕਿਸਾਨ ਘੋਲ ਨੂੰ ਸਮਰਪਤ ਮਨਾਇਆ ਜਾਵੇਗਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਅਤੇ ਸੂਬੇ ਦੇ ਹੋਰ ਲੋਕਾਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਰੋਹ ਦਿਨੋ ਦਿਨ ਵੱਧ ਰਿਹਾ ਹੈ। ਇਥੇ ਬੀਕੇਯੂ ਏਕਤਾ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ, ਗੁਰਮੀਤ ਸਿੰਘ ਕਿਸ਼ਨਪੁਰਾ, ਸੋਮ ਸਿੰਘ ਰੱਤੀਆਂ ਤੇ ਹਜੂਰਾ ਸਿੰਘ ਘਾਲੀ ਦੀ ਅਗਵਾਈ ਹੇਠ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ 82ਵੇਂ ਅਤੇ ਆਧੁਨਿਕ ਤਕਨੀਕ ਵਾਲੇ ਅਡਾਨੀ ਅਨਾਜ ਭੰਡਾਰ ਅੱਗੇ 107ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਧਰਨੇ ਵਿੱਚ ਵੱਡੀ ਗਿਣਤੀ ’ਚ ਬਜ਼ੁਰਗ ਔਰਤਾਂ ਨੇ ਸ਼ਿਰਕਤ ਕੀਤੀ।
ਬਰੇਟਾ (ਸੱਤ ਪ੍ਰਕਾਸ਼ ਸਿੰਗਲਾ): ਇਥੇ ਸਾਂਝਾ ਕਿਸਾਨ ਮੋਰਚਾ ਨੇ ਬਰੇਟਾ ਪਿੰਡ ਦੀ ਫਿਰਨੀ ’ਤੇ ਮੋਦੀ ਸਰਕਾਰ ਦਾ ਪੁਤਲਾ ਲੈ ਕੇ ਮਾਰਚ ਕੀਤਾ ਤੇ ਇਸ ਮਗਰੋਂ ਚੌਕ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ। ਇਸੇ ਤਰ੍ਹਾਂ ਨਿੱਜੀ ਪੈਟਰੋਲ ਪੰਪ ’ਤੇ ਵੀ ਉਗਰਾਹਾਂ ਜਥੇਬੰਦੀ ਦਾ ਧਰਨਾ ਜਾਰੀ ਰਿਹਾ।
ਬੁਢਲਾਡਾ (ਐੱਨ.ਪੀ. ਸਿੰਘ): ਕਿਸਾਨਾਂ ਵੱਲੋਂ ਸ਼ਹਿਰ ਵਿੱਚ ਕੱਢੇ ਟਰੈਕਟਰ ਮਾਰਚ ਉਪਰੰਤ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਚੱਲ ਰਹੇ ਧਰਨੇ ਵਿੱਚ ਕਿਸਾਨ ਉਤਸ਼ਾਹਿਤ ਨਜ਼ਰ ਆਏ। 106ਵੇਂ ਦਿਨ ਵਿੱਚ ਪੁੱਜੇ ਇਸ ਧਰਨੇ ਨੂੰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਹਰਿੰਦਰ ਸਿੰਘ ਸੋਢੀ, ਨੰਬਰਦਾਰ ਜਰਨੈਲ ਸਿੰਘ ਅਤੇ ਸਰੂਪ ਸਿੰਘ ਕਬੀਲਦਾਰ ਸਣੇ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕੀਤਾ।