ਗੁਰਪ੍ਰੀਤ ਸਿੰਘ
ਅਜੀਤਵਾਲ, 28 ਜਨਵਰੀ
ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 157ਵਾਂ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿੱਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਕੋਵਿਡ-19 ਦੀਆਂ ਹਦਾਇਤਾਂ ਦੇ ਚੱਲਦਿਆਂ ਇਹ ਸਮਾਗਮ ਬਹੁਤ ਹੀ ਸੰਖੇਪ ਰੱਖਿਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਵ) ਹਰਚਰਨ ਸਿੰਘ ਨੇ ਸ਼ਿਰਕਤ ਕੀਤੀ ਜਦਕਿ ਸਾਬਕਾ ਮੰਤਰੀ ਮਾਲਤੀ ਥਾਪਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਰਚਰਨ ਸਿੰਘ ਨੇ ਕਿਹਾ ਕਿ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨ੍ਹਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ, ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨ੍ਹਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਜੀ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਅੰਤ ’ਚ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।