ਰੋਹਿਤ ਗੋਇਲ
ਪੱਖੋ ਕੈਂਚੀਆਂ, 2 ਅਕਤੂਬਰ
ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਅੰਤਿਮ ਅਰਦਾਸ ਅੱਜ ਪਿੰਡ ਉੱਗੋਕੇ ਦੀ ਦਾਣਾ ਮੰਡੀ ਵਿੱਚ ਹੋਈ। ਇਸ ਮੌਕੇ ਸ਼ਰਧਾਂਜਲੀ ਦੇਣ ਪੰਜਾਬ ਸਰਕਾਰ ਦੇ ਵੱਡੀ ਗਿਣਤੀ ਵਿੱਚ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰ, ਵਰਕਰ ਅਤੇ ਹਲਕੇ ਦੇ ਲੋਕ ਪਹੁੰਚੇ। ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਪਤਨੀ ਡਾ. ਗੁਰਪ੍ਰੀਤ ਕੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਡ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੱਧੂ ਰਾਮਪੁਰਾ, ਗੁਰਪ੍ਰੀਤ ਸਿੰਘ ਬਣਾਂਵਾਲੀ ਸਰਦੂਲਗੜ੍ਹ, ਡਾ. ਵਿਜੇ ਸਿੰਗਲਾ ਮਾਨਸਾ, ਅੰਮ੍ਰਿਤਪਾਲ ਸਿੰਘ ਬਾਘਾਪੁਰਾਣਾ, ਮਨਜੀਤ ਸਿੰਘ ਬਿਲਾਸਪੁਰ ਤੋਂ ਹੋਰ ਵੀ ਵੱਡੀ ਗਿਣਤੀ ਵਿੱਚ ਵਿਧਾਇਕ ਹਾਜ਼ਰ ਹੋਏ। ਇਸ ਮੌਕੇ ਸਟੇਜ ਤੋਂ ਮੰਤਰੀ ਹਰਪਾਲ ਚੀਮਾ ਤੇ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ।