ਲਖਵੀਰ ਸਿੰਘ ਚੀਮਾ
ਟੱਲੇਵਾਲ, 11 ਫ਼ਰਵਰੀ
ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਪਿੰਡ ਪੱਖੋਕੇ ਦਾ ਮਜ਼ਦੂਰ ਜਗਸੀਰ ਸਿੰਘ ਸ਼ਹੀਦ ਹੋ ਗਿਆ ਸੀ। ਜਿਸਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪਾਏ ਗਏ। ਇਸ ਮੌਕੇ ਕਿਸਾਨ ਜੱਥੇਬੰਦੀ ਅਤੇ ਰਾਜਸੀ ਆਗੂਆਂ ਵਲੋਂ ਸਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਲਵੀਰ ਸਿੰਘ ਘੁੰਨਸ ਵੱਲੋਂ ਮ੍ਰਿਤਕ ਮਜ਼ਦੂਰ ਦੀ ਪਤਨੀ ਸ਼ਿੰਦਰ ਕੌਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਕਿਸਾਨ ਜਥੇਬੰਦੀ ਉਗਰਾਹਾਂ ਦੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਬੁੱਕਣ ਸਿੰਘ ਸੱਦੋਵਾਲ, ਸੁਖਦੇਵ ਸਿੰਘ ਭੋਤਨਾ, ਗੁਰਨਾਮ ਸਿੰਘ ਅਤੇ ਮਜ਼ਦੂਰ ਆਗੂ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਮੁਆਵਜ਼ਾ ਰਾਸ਼ੀ ਦਾ ਚੈੱਕ ਮਿਲ ਚੁੱਕਿਆ ਹੈ ਜਦੋਂ ਕਿ ਰਹਿੰਦਾ 5 ਲੱਖ ਮੁਆਵਜ਼ਾ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਸੰਘਰਸ਼ ਵਿੱਢਿਆ ਜਾਵੇਗਾ।