ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ
ਮੁਕਤਸਰ ਵਿੱਚ ਨਰਮੇ ਦੇ ਖਰਾਬੇ ਦੇ ਮੁਆਵਜ਼ੇ ਲਈ ਲੱਗੇ ਧਰਨੇ ਦਾ ਅੱਜ ਦਾ ਦਿਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮਰਹੂਮ ਆਗੂ ਨਾਨਕ ਸਿੰਘ ਸਿੰਘੇਵਾਲਾ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਹਾਜ਼ਰ ਲੋਕਾਂ ਨੇ ਇਕ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਤਿੰਨ ਰੋਜ਼ਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਨੇ ਮਜ਼ਦੂਰਾਂ ਤੇ ਕਿਸਾਨਾਂ ਦੀ ਸਾਂਝੀ ਲਹਿਰ ਉਸਾਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੰਗਰੂਰ ਧਰਨੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖੁਦਕਸ਼ੀ ਕਰ ਗਏ ਕਿਸਾਨ ਬਲਵਿੰਦਰ ਸਿੰਘ ਦੀ ਆਤਮ ਹੱਤਿਆ ਲਈ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਗੁਰਜੰਟ ਸਿੰਘ ਸਾਉਂਕੇ, ਗੁਰਭਗਤ ਸਿੰਘ ਭਲਾਈਆਣਾ, ਗੁਰਮੇਲ ਕੌਰ, ਤਾਰਾਵੰਤੀ, ਕਾਲਾ ਸਿੰਘ ਸਿੰਘੇਵਾਲਾ, ਗੁਰਾਂਦਿੱਤਾ ਸਿੰਘ ਭਾਗਸ ਵੀ ਮੌਜੂਦ ਸਨ।