ਪੱਤਰ ਪ੍ਰੇਰਕ
ਮਾਨਸਾ, 10 ਜੂਨ
ਮਾਨਸਾ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਚੋਰੀ ਦੇ 18 ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਇਸ ਸਬੰਧੀ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇੰਚਾਰਜ ਸੀਆਈਏ ਸਟਾਫ ਮਾਨਸਾ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੂੰ ਮੁੱਖਬਰ ਪਾਸੋਂ ਇਤਲਾਹ ਮਿਲਣ ’ਤੇ ਨਾਕਾਬੰਦੀ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਸੇਰਖਾਵਾਲਾ, ਗੁਰਮੀਤ ਸਿੰਘ ਉਰਫ ਗੀਤੂ ਵਾਸੀ ਹੋਡਲਾ ਕਲਾਂ ਨੂੰ ਕਾਬੂ ਕਰਕੇ ਚੋਰੀ ਕੀਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ, ਜਿਨ੍ਹਾਂ ’ਤੇ ਜਾਅਲੀ ਨੰਬਰ ਪਲੇਟਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਗੁਰਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਪਾਸੋਂ ਪੁੱਛ-ਗਿੱਛ ਕਰਕੇ ਚੋਰੀ ਕੀਤੇ ਹੋਰ 14 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕੀਤੀਆਂ ਹਨ। ਪੁਲੀਸ ਨੇ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੁਆਰਾ ਕੀਤੀਆ ਗਈਆਂ ਚੋਰੀਆਂ ਸਬੰਧੀ ਪੁੱਛਗਿੱਛ ਕਰਕੇ ਤਫਤੀਸ਼ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਤੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ। ਪੁਲੀਸ ਦਾ ਕਹਿਣਾ ਹੈ ਕਿ ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।