ਪੱਤਰ ਪ੍ਰੇਰਕ
ਮਾਨਸਾ, 9 ਸਤੰਬਰ
ਪੰਜਾਬ-ਚੰਡੀਗੜ੍ਹ ਜਰਨਲਿਸਟ ਯੂਨੀਅਨ ਪੱਤਰਕਾਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਵਚਨਬੱਧ ਹੈ। ਇਸ ਕਾਰਜ ਲਈ ਹਰ ਮੋੜ ’ਤੇ ਲੜਾਈ ਲੜੀ ਜਾਵੇਗੀ। ਇਹ ਪ੍ਰਗਟਾਵਾ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਜੰਡੂ ਤੇ ਮਾਲਵਾ ਇੰਚਾਰਜ ਸੰਤੋਖ ਸਿੰਘ ਗਿੱਲ ਨੇ ਇੱਥੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਪਿਛਲੇ ਦਹਾਕਿਆਂ ਤੋਂ ਪੱਤਰਕਾਰਤਾ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਹੀ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਯਤਨ ਜੁਟਾ ਰਹੀ ਹੈ। ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਤੇ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਮੈਂਬਰ ਬਲਵਿੰਦਰ ਜੰਮੂ ਨੇ ਕਿਹਾ ਕਿ ਜਥੇਬੰਦੀ ਦੇਸ਼ ਭਰ ’ਚ ਪੱਤਰਕਾਰਾਂ ਦਾ ਸੰਗਠਨ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ। ਬੁਲਾਰਿਆਂ ਨੇ ਆਖਿਆ ਕਿ ਮੀਡੀਆ ਕਰਮੀਆਂ ’ਤੇ ਲਗਾਤਾਰ ਹੋ ਰਹੇ ਸਿਆਸੀ ਹਮਲੇ ਪ੍ਰੈੱਸ ਲਈ ਵੱਡੀ ਚੁਣੌਤੀ ਹਨ ਅਤੇ ਇਨ੍ਹਾਂ ਨੂੰ ਭਵਿੱਖ ’ਚ ਰੋਕਣ ਲਈ ਲਾਮਬੰਦ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰ ਨੇ ਪੱਤਰਕਾਰਾਂ ਨੂੰ ਸਹੂਲਤਾ ਦੇਣ ਸਬੰਧੀ ਹੱਥ ਘੁੱਟਿਆ ਹੋਇਆ ਹੈ। ਜਥੇਬੰਦੀ ਨੇ ਅਹਿਦ ਲਿਆ ਕਿ ਪੰਜਾਬ ਤੇ ਕੇਂਦਰ ਸਰਕਾਰ ’ਤੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਹਰ ਪੱਧਰ ’ਤੇ ਦਬਾਅ ਪਾਇਆ ਜਾਵੇਗਾ।