ਜਸਵੰਤ ਜੱਸ
ਫ਼ਰੀਦਕੋਟ, 8 ਜੁਲਾਈ
ਕਿਰਤੀ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਦਿੱਲੀ ਮੋਰਚਾ ਚੱਲਦਾ ਹੈ, ਉਦੋਂ ਤੱਕ ਪੰਜਾਬ ਵਿੱਚ ਚੋਣਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਕਿਸਾਨ ਯੂਨੀਅਨ ਨੇ ਅੱਜ ਇਸ ਮੁਹਿੰਮ ਦੀ ਪਿੰਡ ਦੀਪ ਸਿੰਘ ਵਾਲਾ ਤੋਂ ਸ਼ੁਰੂਆਤ ਕੀਤੀ। ਕਿਸਾਨ ਆਗੂਆਂ, ਨੌਜਵਾਨਾਂ ਤੇ ਪਿੰਡ ਦੀਆਂ ਔਰਤਾਂ ਨੇ ਪਿੰਡ ਦੇ ਬਾਹਰਵਾਰ ਚੇਤਾਵਨੀ ਬੋਰਡ ਲਾ ਕੇ ਸਪਸ਼ਟ ਕੀਤਾ ਹੈ ਕਿ ਜਦ ਤੱਕ ਦਿੱਲੀ ਮੋਰਚਾ ਚੱਲਦਾ ਹੈ, ਤਦ ਤੱਕ ਕਿਸੇ ਵੀ ਸਿਆਸੀ ਪਾਰਟੀ ਨੂੰ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਨਹੀਂ ਆਉਣ ਦਿੱਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਵਿੱਚ ਕਾਂਗਰਸ, ਅਕਾਲੀ ਤੇ ਭਾਜਪਾ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਜ਼ੋਰ ਸ਼ੋਰ ਨਾਲ ਪ੍ਰਚਾਰ ਕਰਨਾ ਚਾਹੁੰਦੀਆਂ ਹਨ ਤਾਂ ਜੋ ਕਿਸਾਨੀ ਅੰਦੋਲਨ ਨੂੰ ਢਾਹ ਲਾਈ ਜਾ ਸਕੇ। ਕਿਸਾਨ ਆਗੂ ਗੁਰਜੀਤ ਸਿੰਘ, ਬਲਵਿੰਦਰ ਸਿੰਘ, ਰਾਜਦੀਪ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ ਤੇ ਨੌਨਿਹਾਲ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਦੀ ਭਾਈਚਾਰਕ ਸਾਂਝ ਵਿੱਚ ਤਰੇੜ ਪੈਂਦੀ ਹੈ ਤੇ ਸਿਆਸੀ ਪਾਰਟੀਆਂ ਲੋਕਾਂ ਦੇ ਭਾਈਚਾਰੇ ਵਿੱਚ ਨਫ਼ਰਤ ਪੈਦਾ ਕਰਕੇ ਚੋਣਾਂ ਜਿੱਤਦੀਆਂ ਹਨ। ਕਿਸਾਨ ਆਗੂ ਹਰਚੰਦ ਸਿੰਘ, ਅਮਨਦੀਪ ਸਿੰਘ, ਧਰਮਿੰਦਰ ਸਿੰਘ, ਰੇਸ਼ਮ ਸਿੰਘ ਤੇ ਸਤਨਾਮ ਸਿੰਘ ਨੇ ਕਿਹਾ ਕਿ ਜੇ ਸਿਆਸੀ ਪਾਰਟੀਆਂ ਅਮਨ-ਸ਼ਾਂਤੀ ਨਾਲ ਚੋਣ ਲੜਣਾ ਚਾਹੁੰਦੀਆਂ ਹਨ ਤਾਂ ਉਹ ਪਹਿਲਾਂ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਤੇ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰਵਾਉਣ, ਨਹੀਂ ਤਾਂ ਪੰਜਾਬ ਦੇ ਲੋਕ ਸਿਆਸੀ ਆਗੂਆਂ ਨੂੰ ਚੋਣ ਪ੍ਰਚਾਰ ਲਈ ਪਿੰਡਾਂ ਵਿੱਚ ਨਹੀਂ ਵੜਣ ਦੇਣਗੇ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈਅ ਸਿੰਘ ਢੁੱਡੀਕੇ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਜੀਦਗੀ ਨਾਲ ਕਿਸਾਨਾਂ ਦਾ ਸਾਥ ਨਹੀਂ ਦਿੱਤਾ ਤੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਆਪਣੇ ਪੱਧਰ ਤੇ ਭਾਰਤ ਸਰਕਾਰ ਖ਼ਿਲਾਫ਼ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜਨਤਕ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਮੁੜਣਗੀਆਂ।