ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 29 ਅਕਤੂਬਰ ਨੂੰ ਮਜ਼ਦੂਰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦੇ ਸ਼ਹਿਰ ਮੋਰਿੰਡਾ ‘ਚ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਸਬੰਧੀ ਪਿੰਡ ਥਾਂਦੇਵਾਲਾ ਇਕਾਈ ਪ੍ਰਧਾਨ ਨਿਸ਼ਾ ਕੌਰ ਦੀ ਅਗਵਾਈ ਵਿੱਚ ਮਜ਼ਦੂਰ ਮਰਦ-ਔਰਤਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪੰਜਾਬ ਦੀਆਂ ਸੱਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੰਘਰਸ਼ ਸਦਕਾ ਪੰਜਾਬ ਦੇ ਮੁੱਖ ਮੰਤਰੀ ਨੇ ਲੋੜਵੰਦਾਂ ਲਈ ਪੰਜ-ਪੰਜ ਮਰਲੇ ਪਲਾਟ ਅਲਾਟ ਕਰਨ ਸਬੰਧੀ ਪੰਚਾਇਤ ਵਿਭਾਗ ਦੇ ਡਾਇਰੈਕਟਰ ਰਾਹੀਂ ਚਿੱਠੀਆਂ ਭੇਜੀਆਂ ਸੀ, ਪਰ ਅੱਜ ਤਕ ਉਨ੍ਹਾਂ ਚਿੱਠੀਆਂ ’ਤੇ ਪੰਚਾਇਤਾਂ ਵੱਲੋਂ ਵਿਸਥਾਰੀ ਰੂਪ ਵਿੱਚ ਅਮਲ ਨਹੀਂ ਕੀਤਾ ਗਿਆ। ਇਸ ਲਈ ਆਉਣ ਵਾਲੀ 29 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿੱਚ ਮਜ਼ਦੂਰਾਂ ਸਿਰ ਚੜ੍ਹੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ 10 ਲੱਖ ਮੁਆਵਜ਼ਾ ਤੇ ਨੌਕਰੀ , ਨਰਮਾ ਖਰਾਬੇ ਦਾ ਮਜ਼ਦੂਰਾਂ ਕਿਸਾਨਾਂ ਨੂੰ ਯੋਗ ਮੁਆਵਜ਼ਾ ਆਦਿ ਮੰਗਾਂ ਮੰਨਵਾਉਣ ਤੇ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।