ਪੱਤਰ ਪ੍ਰੇਰਕ
ਮਾਨਸਾ, 12 ਨਵੰਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਡਾ. ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਉਨ੍ਹਾਂ ਵੱਲੋਂ ਪਿੰਡ ਜਵਾਹਰਕੇ, ਆਲਮਪੁਰ ਮੰਦਰਾਂ, ਬਰਨਾਲਾ, ਖਾਰਾ, ਬਰੇ, ਟਾਹਲੀਆਂ ਅਤੇ ਜੋਈਆਂ ਆਦਿ ਦੇ ਦੌਰੇ ਦੌਰਾਨ ਕਿਸਾਨਾਂ ਵੀਰਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਪ੍ਰਰਿਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।