ਪੱਤਰ ਪ੍ਰੇਰਕ
ਮਾਨਸਾ, 16 ਨਵੰਬਰ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਅੱਜ ਛੁੱਟੀ ਵਾਲੇ ਦਿਨ ਵੱਖ-ਵੱਖ ਪਿੰਡਾਂ ’ਚ ਜਾ ਕੇ ਪਰਾਲੀ ਨੂੰ ਲਾਈ ਅੱਗ ਨੂੰ ਬੁਝਾਇਆ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਪਿੰਡ ਦਾਤੇਵਾਸ, ਕੁਲਰੀਆਂ, ਜਲਵੇੜਾ, ਗੋਬਿੰਦਪੁਰਾ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਅਤੇ ਇਸ ਨੂੰ ਅੱਗ ਨਾ ਲਾਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।