ਖੇਤਰੀ ਪ੍ਰਤੀਨਿਧ
ਬਰਨਾਲਾ, 2 ਅਕਤੂਬਰ
ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਤਿੰਨ ਪਿੰਡਾਂ ’ਚ ਖੇਡ ਸਟੇਡੀਅਮਾਂ ਦੀ ਵਰਚੂਅਲ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 750 ਪਿੰਡਾਂ ਵਿਚ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ (ਪ੍ਰਤੀ ਬਲਾਕ 5) ਕਰਾਈ ਜਾ ਰਹੀ ਹੈ, ਜਿਸ ਤਹਿਤ 150 ਪਿੰਡਾਂ ਵਿਚ ਇਸ ਸਕੀਮ ਦਾ ਆਗਾਜ਼ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਬਲਾਕਾਂ ਦੇ ਤਿੰਨ ਪਿੰਡਾਂ ਵਿਚ ਅੱਜ ਖੇਡ ਸਟੇਡੀਅਮਾਂ ਦੀ ਸ਼ੁਰੂਆਤ ਕੀਤੀ ਹੈ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਇਸੇ ਤਰ੍ਹਾਂ ਪਿੰਡ ਰੌਂਤਾ ’ਚ ਰਾਜੇਸ਼ ਕਾਂਸਲ ਐਕਸੀਅਨ ਪੰਚਾਇਤੀ ਰਾਜ ਮੋਗਾ ਨੇ ਵਾਲੀਵਾਲ ਦੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ।
ਭਾਈਰੂਪਾ (ਪੱਤਰ ਪ੍ਰੇਰਕ): ਸੈਂਟਰਲ ਕੋ-ਆਪਰੇਟਿਵ ਬੈਂਕ ਬਠਿੰਡਾ ਦੇ ਚੇਅਰਮੈਨ ਹਰਮਨਵੀਰ ਸਿੰਘ ਜੈਸੀ ਕਾਂਗੜ ਵੱਲੋਂ ਪਿੰਡ ਸਿਧਾਣਾ ’ਚ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਚਾਰ ਖੇਡ ਪਾਰਕ ਉਸਾਰੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਐੱਮਕੇ ਅਰਵਿੰਦ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ 750 ਪੇਂਡੂ ਖੇਡ ਸਟੇਡੀਅਮ ਅਤੇ ਖੇਡ ਮੈਦਾਨਾਂ ਦੀ ਉਸਾਰੀ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ 40 ਖੇਡ ਪਾਰਕ ਬਣਾਏ ਜਾ ਰਹੇ ਹਨ।
ਸਰਦੂਲਗੜ੍ਹ (ਪੱਤਰ ਪ੍ਰੇਰਕ): ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਅਤੇ ਆਹਲੂਪੁਰ ਦੇ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਆਵਲਾ ਨੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਜਲਾਲਾਬਾਦ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਰਕਾਰ ਵਲੋਂ ਉਲੀਕੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਆਰੰਭਿਆ ਗਿਆ ਹੈ, ਜਿਸਦੇ ਤਹਿਤ ਹਲਕੇ ਦੇ ਪਿੰਡ ਲੱਧੂਵਾਲਾ ਉਤਾੜ ’ਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਵਿਧਾਇਕ ਰਮਿੰਦਰ ਆਵਲਾ ਨੇ ਰੱਖਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ’ਚ 750 ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਆਰੰਭਿਆ ਗਿਆ ਹੈ।