ਪੱਤਰ ਪ੍ਰੇਰਕ
ਮਾਨਸਾ, 14 ਸਤੰਬਰ
ਐਡੀਸ਼ਨਲ ਮੈਂਬਰ ਸੈਕਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਮਨਦੀਪ ਮਿੱਤਲ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਪਹੁੰਚੇ ਅਤੇ ਉੱਥੇ ਉਨ੍ਹਾਂ ਨੇ ਮਹਿਲਾ ਕੈਦੀਆਂ ਦੀ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾ ਰਹੇ ਖਾਣੇ ਦਾ ਨਿਰੀਖਣ ਕੀਤਾ ਅਤੇ ਉੱਥੇ ਖਾਣਾ ਬਣਾ ਰਹੇ ਕੈਦੀਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਜ਼ਿਲ੍ਹਾ ਜੇਲ੍ਹ ਦੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਉੱਥੇ ਉਹਨਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਦੇ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕੈਦੀਆਂ ਨੂੰ ਕਿਹਾ ਕਿ ਉਹ ਆਪਣੀ ਸਿਹਤ ਸੰਬਧੀ ਪੂਰੀ ਤਰ੍ਹਾਂ ਸੁਚੇਤ ਰਹਿਣ। ਉਨ੍ਹਾਂ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਲੱਗੇ ਪੌਦਿਆਂ ਨੂੰ ਪਾਣੀ ਦਿੰਦਿਆਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਵੀ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।