ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 4 ਜੂਨ
ਪੰਜਾਬ ਵਿੱਚ ਪਾਣੀ ਦੇ ਦਿਨੋ-ਦਿਨ ਵੱਧ ਰਹੇ ਸੰਕਟ ਲਈ ਕਿਸਾਨ ਨਹੀਂ ਸਗੋਂ ਸਰਕਾਰਾਂ ਜ਼ਿੰਮੇਵਾਰ ਹਨ ਕਿਉਂਕਿ ਝੋਨੇ ਦੀ ਫ਼ਸਲ ਪੰਜਾਬ ਵਿੱਚ ਕਿਸਾਨਾਂ ਨੇ ਨਹੀਂ ਸਗੋਂ ‘ਫੋਰਡ ਫਾਊਂਡੇਸ਼ਨ’ ਵਰਗੇ ਅਦਾਰਿਆਂ ਦੇ ਇਸ਼ਾਰੇ ’ਤੇ ਬੀਜਣ ਵਾਸਤੇ ਲਿਆਂਦੀ ਗਈ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮਹਾਂ ਸਿੰਘ ਹਾਲ ਮੁਕਤਸਰ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬੈਠਕ ਦੌਰਾਨ ਕੀਤਾ ਗਿਆ| ਬੈਠਕ ਵਿੱਚ ਬਿਜਲੀ ਕਿੱਲਤ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਬਿਜਾਈ ਬਾਰੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਬੈਠਕਾਂ ਤੋਂ ਇਲਾਵਾ ਛੇ ਜੂਨ ਤੋਂ ਦੱਸ ਜੂਨ ਤੱਕ ਪਿੰਡ ਪੱਧਰੇ ਪਾਣੀ ਵਾਲੀਆਂ ਟੈਂਕੀਆਂ ਵਾਟਰ ਵਰਕਸ ’ਚ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ| ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੂੰਗੀ, ਬਾਸਮਤੀ ਤੇ ਮੱਕੀ ਦੀ ਸਰਕਾਰੀ ਖਰੀਦ ਦਾ ਐਲਾਨ ਕੀਤਾ ਗਿਆ ਹੈ ਪਰ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾ ਰਹੀ| ਸੂਬਾਈ ਸਰਕਾਰਾਂ ਦੀ ਮਿਲੀਭੁਗਤ ਰਾਹੀਂ ਪਾਣੀ ਨੂੰ ਵਪਾਰਕ ਵਸਤੂ ਗਰਦਾਨ ਕੇ ਦਰਿਆਵਾਂ, ਨਹਿਰਾਂ ਅਤੇ ਘਰੇਲੂ ਜਲ ਸਪਲਾਈ ਦੇ ਕਾਰੋਬਾਰ ਨੂੰ ਨਿੱਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਦੀਆਂ ਲੋਕ ਮਾਰੂ ਸਕੀਮਾਂ ਰੱਦ ਕੀਤੀਆਂ ਜਾਣ| ਇਸ ਮੌੇਕੇ ਗੁਰਭਗਤ ਸਿੰਘ ਭਲਾਈਆਣਾ, ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਹਰਫੂਲ ਸਿੰਘ ਆਦਿ ਮੌਜੂਦ ਸਨ|
ਔਰਤਾਂ ਵੱਲੋਂ ਵੀ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ
ਪੱਖੋ ਕੈਂਚੀਆਂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਤੇ ਪਾਣੀ ਬਚਾਓ ਮੁਹਿੰਮ ਤਹਿਤ ਪਿੰਡਾਂ ਦੇ ਵਾਟਰ ਵਰਕਸਾਂ ਤੇ 6 ਜੂਨ ਤੋਂ 10 ਜੂਨ ਤੱਕ ਲਗਾਏ ਜਾ ਰਹੇ ਧਰਨਿਆਂ ਨੂੰ ਲੈ ਕੇ ਬਲਾਕ ਸ਼ਹਿਣਾ ਦੇ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿੱਚ ਭਾਕਿਯੂ ਉਗਰਾਹਾਂ ਦੇ ਆਗੂਆਂ ਅਤੇ ਔਰਤਾਂ ਵੱਲੋਂ ਪਿੰਡਾਂ ਦੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਤਹਿਤ ਜਥੇਬੰਦੀ ਦੇ ਆਗੂਆਂ ਵੱਲੋਂ ਪਿੰਡ ਭੋਤਨਾ, ਚੂੰਘਾ, ਮੱਲੀਆਂ, ਪੱਖੋਕੇ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਪਾਣੀ ਬਚਾਓ ਮੁਹਿੰਮ ਤਹਿਤ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਤੇ ਔਰਤਾਂ ਤੋਂ ਇਲਾਵਾ ਪਿੰਡਾਂ ਦੇ ਇਕਾਈਆਂ ਦੇ ਆਗੂ 6 ਜੂਨ ਤੋਂ 10 ਜੂਨ ਤੱਕ ਪਿੰਡਾਂ ਦੇ ਵਾਟਰ ਵਰਕਸਾਂ ਅੱਗੇ ਧਰਨਾ ਦੇਣਗੇ।