ਜੋਗਿੰਦਰ ਸਿੰਘ ਮਾਨ
ਮਾਨਸਾ, 26 ਫਰਵਰੀ
ਸੀਪੀਆਈ ਦੇ ਨੈਸ਼ਨਲ ਕੌਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਦੀ ਮਜ਼ਬੂਤੀ ਲਈ ਦੇਸ਼ ਭਰ ਵਿੱਚ ਜਨ-ਸੰਪਰਕ ਮੁਹਿੰਮ ਰਾਹੀਂ ਲੋਕ ਜਾਗ੍ਰਤੀ ਤਹਿਤ ਜਾਰੀ ਰਹੇਗੀ। ਉਹ ਅੱਜ ਇੱਥੇ ਪਾਰਟੀ ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਕਾਮਰੇਡ ਅਰਸ਼ੀ ਨੇ ਕਿਹਾ ਕਿ ਖੇਤੀ ਵਿਰੋਧੀ ਅਤੇ ਕਾਲੇ ਕਾਨੂੰਨ ਦੇਸ਼ ਦੇ ਹਰ ਵਰਗ ਲਈ ਘਾਤਕ ਸਿੱਧ ਹੋਣਗੇ। ਇਸ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਵਰਗ ਦੀ ਅੰਦੋਲਨ ਵਿੱਚ ਸ਼ਮੂਲੀਅਤ ਤੇ ਸੰਘਰਸ਼ ਸਮੇਂ ਦੀ ਮੁੱਖ ਲੋੜ ਹੈ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਲੋਕ ਅੰਦੋਲਨ ਬਣ ਚੁੱਕਾ ਹੈ ਤੇ ਕਾਲੇ ਕਾਨੂੰਨਾਂ ਰੱਦ ਕਰਾਉਣ ਤੱਕ ਜਾਰੀ ਰਹੇਗਾ। ਇਸ ਮੌਕੇ ਸੀਤਾ ਰਾਮ ਗੋਬਿੰਦਪੁਰਾ, ਵੇਦ ਪ੍ਰਕਾਸ਼ ਬੁਢਲਾਡਾ, ਰੂਪ ਢਿੱਲੋਂ, ਦਲਜੀਤ ਮਾਨਸ਼ਾਹੀਆ, ਮਲਕੀਤ ਮੰਦਰਾਂ, ਮਨਜੀਤ ਕੌਰ ਗਾਮੀਵਾਲਾ, ਕਿਰਨਾ ਰਾਣੀ, ਰਤਨ ਭੋਲਾ, ਦਰਸ਼ਨ ਪੰਧੇਰ, ਜੱਗਾ ਸੇਰਖਾਂ ਵਾਲਾ, ਰਾਜਵਿੰਦਰ ਸਿੰਘ ਚੱਕ ਭਾਈਕੇ ਨੇ ਵੀ ਸੰਬੋਧਨ ਕੀਤਾ।