ਜਸਵੰਤ ਜੱਸ
ਫ਼ਰੀਦਕੋਟ, 8 ਨਵੰਬਰ
ਡੇਂਗੂ ’ਤੇ ਵਾਰ ਮੁਹਿੰਮ ਦਾ ਆਗਾਜ਼ ਕਰਨ ਲਈ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪੁੱਜੇ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੁਹਿੰਮ ਦੀ ਸ਼ੁਰੂਆਤ ਲਈ ਰੱਖੇ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਤੇ ਇਲਾਜ ਮੁਹੱਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜ਼ਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਚੌਕਸੀ ਕਾਰਨ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ’ਤੇ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ ਸਾਲ 654 ਡੇਂਗੂ ਦੇ ਕੇਸ ਸਾਹਮਣੇ ਆਏ ਸਨ ਅਤੇ ਇਸ ਵਾਰ 120 ਮਾਮਲੇ ਹੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੈਕਟਰ ਬੋਰਨ ਡਜੀਜ਼ ਤੇ ਹੋਰ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਸਭ ਤੋਂ ਵੱਡਾ ਜ਼ਰੀਆ ਹਨ ਅਤੇ ਪੂਰੇ ਸੂਬੇ ਦੇ 50 ਹਜ਼ਾਰ ਵਿਦਿਆਰਥੀ ਆਪਣੇ ਘਰ, ਆਂਢ-ਗੁਆਂਢ ਦੇ 15 ਤੋਂ 20 ਲੱਖ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਜਾਣਕਾਰੀ ਦੇਣ ਅਤੇ ਇਸ ਬਿਮਾਰੀ ਤੋਂ ਬਚਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਮੁਹਿੰਮ ਦੇ ਬਰਾਂਡ ਅੰਬੈਸਡਰ ਹਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਵੀ ਕੀਤੇ ਤੇ ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਲਾਜ ਸਬੰਧੀ ਵੀ ਗੱਲਬਾਤ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੇਠਲੇ ਪੱਧਰ ਤੇ ਸਰਬ ਉੱਤਮ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਤੋਂ ਵੀ ਵਧੀਆ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਤੋਂ 2 ਕਰੋੜ 25 ਲੱਖ ਤੋਂ ਵਧੇਰੇ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਜ਼ਿਲ੍ਹਾ ਪੱਧਰੀ ਤੇ ਸਬ ਡਿਵੀਜ਼ਨ ਪੱਧਰ ਦੇ ਹਸਪਤਾਲਾਂ ਵਿੱਚ ਡਾਕਟਰ ਅਤੇ ਸਹਾਇਕ ਸਟਾਫ ਪੂਰਾ ਕੀਤਾ ਜਾਵੇਗਾ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਹਤ ਮੰਤਰੀ ਦਾ ਸਵਾਗਤ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਿਹਤ ਮੰਤਰੀ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਵੱਲੋਂ ਡੇਂਗੂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸਰਾਹਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੈ ਤੇ ਸਾਨੂੰ ਸਾਰਿਆਂ ਨੂੰ ਡੇਂਗੂ ਖਿਲਾਫ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਫ਼ਰੀਦਕੋਟ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਬਾਰੇ ਵੀ ਸਿਹਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਇਹ ਅਸਾਮੀਆਂ ਜਲਦ ਭਰਨ ਦਾ ਯਕੀਨ ਦਿਵਾਇਆ। ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਡੇਂਗੂ ਖਿਲਾਫ਼ ਵਿੱਢੀ ਗਈ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ।