ਪੱਤਰ ਪ੍ਰੇਰਕ
ਮਾਨਸਾ, 28 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਮਾਨਸਾ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਅਤੇ ਮਜ਼ਦੂਰ ਯੂਨੀਅਨ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਸਕੀਮਾਂ ਗ਼ਰੀਬਾਂ ਅਤੇ ਮਜ਼ਦੂਰਾਂ ਦੇ ਵਿਕਾਸ ਲਈ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਨੇ ਮਜ਼ਦੂਰਾਂ ਦੀ ਦਿਹਾੜੀ ਵਧਾਉਣ ਦਾ ਕੰਮ ਕੀਤਾ ਹੈ ਤੇ ਮਜ਼ਦੂਰਾਂ ਅਤੇ ਪੱਲੇਦਾਰਾਂ ਨੂੰ ਪ੍ਰਧਾਨ ਮੰਤਰੀ ਜੀਵਨ ਜਯੋਤੀ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦਾ ਲਾਭ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਗ਼ਰੀਬ ਵਰਗ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਮਿਲੇ ਹਨ ਅਤੇ ਇੰਨਾ ਹੀ ਨਹੀਂ ਕਰੋੜਾਂ ਲੋਕ ਆਯੂਸ਼ਮਾਨ ਕਾਰਡ ਰਾਹੀਂ ਮੁਫ਼ਤ ਇਲਾਜ ਕਰਵਾ ਰਹੇ ਹਨ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਉਹ ਮਜ਼ਦੂਰਾਂ ਅਤੇ ਮਜ਼ਦੂਰਾਂ ਦੀ ਆਵਾਜ਼ ਸੰਸਦ ਵਿੱਚ ਉਠਾਉਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੱਲੇਦਾਰਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ।
ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ, ਜਸਵੀਰ ਸਿੰਘ ਵੀ ਮੌਜੂਦ ਸਨ।