ਪੱਤਰ ਪ੍ਰੇਰਕ
ਭੁੱਚੋ ਮੰਡੀ, 25 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਮਹਿਲਾ ਵਿੰਗ ਨੇ ਦਿੱਲੀ ਕਿਸਾਨ ਮੋਰਚੇ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਅੱਜ ਪਿੰਡ ਭੁੱਚੋ ਖੁਰਦ ਵਿੱਚ ਸੂਬਾਈ ਆਗੂ ਹਰਿੰਦਰ ਕੌਰ ਬਿੰਦੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ। ਇਸ ਵਿੱਚ ਵੱਡੀ ਗਿਣਤੀ ਔਰਤਾਂ ਸ਼ਾਮਲ ਹੋਈਆਂ। ਇਸ ਮੌਕੇ ਹਰਿੰਦਰ ਬਿੰਦੂ ਨੇ ਕਿਹਾ ਕਿ ਔਰਤਾਂ ਨੂੰ ਸਮਾਜਿਕ ਤੇ ਆਰਥਿਕ ਆਜ਼ਾਦੀ ਲਈ ਇਕਜੁੱਟ ਹੋ ਕੇ ਸੰਘਰਸ਼ ਦੇ ਮੈਦਾਨ ਵਿੱਚ ਜੂਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਔਰਤਾਂ ਨੂੰ ਕਿਸਾਨ ਅੰਦੋਲਨ ਵਿੱਚ ਮਰਦਾਂ ਦੇ ਬਰਾਬਰ ਅਧਿਕਾਰ ਦਿੱਤੇ ਹੋਏ ਹਨ। ਜਿਸ ਸਦਕਾ ਦਿੱਲੀ ਮੋਰਚੇ ਵਿੱਚ ਔਰਤਾਂ ਵੱਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਦਿੱਲੀ ਦੇ ਟਿਕਰੀ ਬਾਰਡਰ ’ਤੇ ਗ਼ਦਰੀ ਗੁਲਾਬ ਕੌਰ ਨਗਰ ਵਿੱਚ ਚੱਲ ਰਹੀ ਸਟੇਜ ਤੋਂ ਔਰਤਾਂ ਆਪਣੇ ਵਿਚਾਰ ਰੱਖ ਰਹੀਆਂ ਹਨ। ਆਗੂ ਪਰਮਜੀਤ ਕੌਰ ਪਿੱਥੋ ਤੇ ਹਰਪ੍ਰੀਤ ਕੌਰ ਜੇਠੂਕੇ ਨੇ ਔਰਤਾਂ ਨੂੰ ਦਿੱਲੀ ਮੋਰਚੇ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।