ਪਰਮਜੀਤ ਸਿੰਘ
ਫਾਜ਼ਿਲਕਾ, 5 ਜਨਵਰੀ
ਫਾਜ਼ਿਲਕਾ ਦੇ ਝੀਵਰਾ ਮੁਹੱਲੇ ਵਿਚ ਅੱਜ ਸਵੇਰੇ ਇਕ ਨੌਜਵਾਨ ਵੱਲੋਂ ਫੰਦਾ ਲਗਾਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ। ਘਟਨਾ ਤੋਂ ਬਾਅਦ ਮਕਾਨ ਮਾਲਕ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਦੇਹ ਨੂੰ ਕਬਜੇ ਵਿਚ ਲੈਕੇ ਸਿਵਲ ਹਸਪਤਾਲ ਫਾਜ਼ਿਲਕਾ ਦੀ ਮੋਰਚਰੀ ਵਿੱਚ ਰਖਵਾਇਆ ਹੈ। ਥਾਣਾ ਸਿਟੀ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਹਨ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮੁਹੱਲਾ ਵਾਸੀ ਰਾਧੇ ਸ਼ਾਮ ਨੇ ਦੱਸਿਆ ਕਿ ਮ੍ਰਿਤਕ ਰਾਹੁਲ ਪੌਪਕੋਰਨ ਦਾ ਕੰਮ ਕਰਦਾ ਸੀ ਅਤੇ ਉਹ ਮੁਰਾਦਾਬਾਦ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਫਾਜ਼ਿਲਕਾ ਵਿੱਚ ਰਹਿ ਰਿਹਾ ਸੀ। ਅੱਜ ਸਵੇਰੇ ਮਕਾਨ ਮਾਲਕ ਵੱਲੋਂ ਉਸਦੀ ਮੌਤ ਦੀ ਸੂਚਨਾ ਦਿੱਤੀ ਗਈ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਮ੍ਰਿਤਕ ਦੀ ਦੇਹ ਲਟਕ ਰਹੀ ਸੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।