ਬੀਬੀ ਜਗੀਰ ਕੌਰ
ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਖਾਲਸਾ ਸਾਜਨਾ ਦਾ ਮੰਤਵ ਬੜਾ ਸਪੱਸ਼ਟ ਤੇ ਪਵਿੱਤਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਦਾ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਸਿਆਸੀ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿਚ ਪੇਸ਼ ਕਰਨਾ ਸੀ। ਗੁਰੂ ਸਾਹਿਬਾਨ ਨੇ ਇਸੇ ਦਿਸ਼ਾ ਵਿਚ ਕਾਰਜ ਕੀਤਾ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਯਤਨ ਕੀਤੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਕਲਪ ਦੀ ਸੇਧ ਵਿਚ ਦਸਵੇਂ ਪਾਤਿਸ਼ਾਹ ਜੀ ਨੇ ਖਾਲਸਾ ਸਾਜਨਾ ਨਾਲ ਲਤਾੜੇ ਤੇ ਨਿਮਾਣੇ ਲੋਕਾਂ ਵਿਚ ਅਜਿਹੀ ਸ਼ਕਤੀ ਦਾ ਸੰਚਾਰ ਕੀਤਾ ਕਿ ਉਹ ਅਤਿਆਚਾਰੀਆਂ ਨਾਲ ਟੱਕਰ ਲੈਣ ਦੇ ਸਮਰੱਥ ਹੋ ਗਏ। ਉਨ੍ਹਾਂ ਨੇ ਏਕਤਾ, ਸਮਾਨਤਾ ਅਤੇ ਨਿਆਂ ਦਾ ਝੰਡਾ ਬੁਲੰਦ ਰੱਖਣ ਲਈ ਸਮੇਂ ਦੀ ਵੱਡੀ ਤੋਂ ਵੱਡੀ ਤਾਕਤ ਨਾਲ ਟੱਕਰ ਲਈ। ਸਿੱਖ ਇਤਿਹਾਸ ਵਿਚ ਦਰਜ ਸਿੱਖ ਸੂਰਮਗਤੀ ਦੀਆਂ ਅਨੇਕਾਂ ਮਿਸਾਲਾਂ ਇਸ ਗੱਲ ਦੀ ਤਸਦੀਕ ਹਨ।
‘ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ॥’ ਤਹਿਤ ਆਦਰਸ਼ਕ, ਭਾਵ ਹਲੇਮੀ ਸਮਾਜ ਦੀ ਸਥਾਪਤੀ ਲਈ ਖਾਲਸਾ ਸਾਜਨਾ ਮਹੱਤਵਪੂਰਨ ਘਟਨਾ ਹੈ ਜਿਸ ਨੇ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਕ੍ਰਾਂਤੀਕਾਰੀ ਮੋੜ ਦਿੱਤਾ। ਖ਼ਾਲਸਾ ਪੰਥ ਦੀ ਸਿਰਜਣਾ ਕਰਨ ਸਮੇਂ ਦਸਮ ਪਾਤਿਸ਼ਾਹ ਜੀ ਨੇ ਪੰਜ ਪਿਆਰਿਆਂ ਵਿਚ ਵੱਖ ਵੱਖ ਥਾਵਾਂ ਤੋਂ ਆਏ ਭਿੰਨ ਭਿੰਨ ਜਾਤਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਜਾਤ-ਪਾਤ ਤੇ ਭੇਦ-ਭਾਵ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। ਜਾਤ-ਪਾਤ, ਭੇਦ-ਭਾਵ ਤੇ ਵਰਣ ਵੰਡ ਉਸ ਸਮੇਂ ਸਮਾਜ ਨੂੰ ਭਿਆਨਕ ਬਿਮਾਰੀ ਵਾਂਗ ਚੰਬੜੀ ਹੋਈ ਸੀ। ਇਹ ਮਨੁੱਖੀ ਸਵੈਮਾਣ ਨੂੰ ਭਾਰੀ ਸੱਟ ਮਾਰ ਰਹੀ ਸੀ। ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ॥’ ਦੇ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਨੂੰ ਇੱਕੋ ਹੀ ਬਾਟੇ ਵਿਚੋਂ ਅੰਮ੍ਰਿਤ ਛਕਾਇਆ ਅਤੇ ਊਚ-ਨੀਚ ਤੇ ਭੇਦ-ਭਾਵ ਨੂੰ ਸਦਾ ਲਈ ਮਿਟਾ ਦਿੱਤਾ। ਗੁਰੂ ਜੀ ਦੀ ਹੋਰ ਵਡਿਆਈ ਦੇਖੋ, ਉਨ੍ਹਾਂ ਅੰਮ੍ਰਿਤ ਛਕਾਉਣ ਮਗਰੋਂ ਪੰਜ ਪਿਆਰਿਆਂ ਨੂੰ ਕਿਹਾ ਕਿ ਹੁਣ ਮੈਨੂੰ ਵੀ ਅੰਮ੍ਰਿਤ ਦੀ ਦਾਤ ਬਖਸ਼ੋ। ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿਚ ਦਰਜ ਹੈ, ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥’ ਇਸ ਤੋਂ ਪਹਿਲਾਂ ਧਰਮ ਇਤਿਹਾਸ ਅੰਦਰ ਅਜਿਹਾ ਕਿਧਰੇ ਵੀ ਸਾਹਮਣੇ ਨਹੀਂ ਸੀ ਕਿ ਕਿਸੇ ਧਰਮ ਆਗੂ ਨੇ ਆਪਣੇ ਅਨੁਯਾਈਆਂ ਨੂੰ ਆਪਣੇ ਤੋਂ ਉੱਪਰ ਰੱਖਿਆ ਹੋਵੇ ਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਜਿਹਾ ਕਰ ਕੇ ਖਾਲਸੇ ਨੂੰ ਵਡਿਆਈ ਬਖਸ਼ੀ। ਉਨ੍ਹਾਂ ਆਪਣੀ ਬਾਣੀ ਵਿਚ ਵੀ ਖਾਲਸੇ ਨੂੰ ਮਹਾਨ ਦੱਸਿਆ ਹੈ। ਦਸਮ ਪਿਤਾ ਜੀ ਖ਼ਾਲਸੇ ਦੀ ਮਹਿਮਾ ਦਾ ਜ਼ਿਕਰ ਕਰਦੇ ਹਨ:
ਜੁੱਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ॥
ਅਘ ਅਉਘ ਟਰੈ ਇਨਹੀ ਕੇ ਪ੍ਰਸਾਦਿ ਇਨਹੀ ਕੀ ਕ੍ਰਿਪਾ ਫੁਨ ਧਾਮ ਭਰੇ॥
ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ॥
ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀ ਮੋ ਸੇ ਗਰੀਬ ਕਰੋਰ ਪਰੇ॥
ਖਾਲਸਾ ਸਾਜਨਾ ਦੇ ਇਤਿਹਾਸ ਤੇ ਝਾਤ ਮਾਰੀਏ ਤਾਂ ਇਸ ਕਾਰਜ ਦੀ ਸੰਪੂਰਨਤਾ ਲਈ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਰਾਜਸੀ, ਸਮਾਜਿਕ ਤੇ ਧਾਰਮਿਕ ਪੜਚੋਲ ਤੋਂ ਪਿੱਛੋਂ 1699 ਦੀ ਵਿਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਇਕੱਠ ਲਈ ਸੰਗਤਾਂ ਨੂੰ ਵਿਸ਼ੇਸ਼ ਸੱਦੇ ਭੇਜੇ। ਆਪ ਜੀ ਦੇ ਇਸ ਸੱਦੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ। ਭਰੇ ਦੀਵਾਨ ਵਿਚ ਆਪ ਜੀ ਨੇ ਵਾਰੀ ਵਾਰੀ ਪੰਜ ਸੀਸ ਮੰਗੇ ਜਿਸ ਤੇ ਖਰਾ ਉਤਰਦਿਆਂ ਪੰਜ ਮਰਜੀਵੜਿਆਂ ਨੇ ਆਪਣੇ ਸੀਸ ਭੇਟ ਕੀਤੇ। ਦਸਮ ਪਾਤਿਸ਼ਾਹ ਜੀ ਨੇ ਇਨ੍ਹਾਂ ਨੂੰ ਅੰਮ੍ਰਿਤ ਛਕਾ ਕੇ ਨਾਮ ਨਾਲ ‘ਸਿੰਘ’ ਲਗਾਇਆ ਅਤੇ ਕਿਹਾ ਕਿ ਅੱਜ ਤੋਂ ਤੁਹਾਡਾ ਨਵਾਂ ਜਨਮ ਹੋਇਆ ਹੈ, ਤੁਹਾਡੀਆਂ ਪਿਛਲੀਆਂ ਜਾਤਾਂ-ਗੋਤਾਂ ਸਭ ਖ਼ਤਮ। ਹੁਣ ਤੁਸੀਂ ਵਾਹਿਗੁਰੂ ਜੀ ਦਾ ਖ਼ਾਲਸਾ ਹੋ। ਇਸ ਤਰ੍ਹਾਂ ਖ਼ਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ।
ਗੁਰੂ ਜੀ ਨੇ ਖਾਲਸੇ ਨੂੰ ਰਹਿਣੀ ਵੀ ਨਿਰਾਲੀ ਬਖਸ਼ਿਸ਼ ਕੀਤੀ ਹੈ ਜਿਸ ਨੂੰ ਅਪਣਾ ਕੇ ਖ਼ਾਲਸਾ ਪੰਥ ਆਤਮਿਕ ਏਕਤਾ ਤੇ ਇਕਸੁਰਤਾ, ਸਮਾਜਿਕ ਬਰਾਬਰੀ ਤੇ ਸਦਭਾਵਨਾ, ਸਭਿਆਚਾਰਕ ਚੇਤਨਾ ਤੇ ਸਿਆਸੀ ਜਥੇਬੰਦੀ ਪ੍ਰਤੀ ਸਮਰਪਿਤ ਰਿਹਾ। ਇਸ ਪੈਂਡੇ ਤੇ ਚੱਲਦਿਆਂ ਇਸ ਨੂੰ ਸਮੇਂ ਸਮੇਂ ਧਾਰਮਿਕ, ਸਮਾਜਿਕ, ਸਭਿਆਚਾਰਕ ਅਤੇ ਸਿਆਸੀ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ। ਇਨ੍ਹਾਂ ਚੁਣੌਤੀਆਂ ਵਿਚੋਂ ਖ਼ਾਲਸਾ ਪੰਥ ਹਮੇਸ਼ਾਂ ਹੀ ਉੱਜਲ ਮੁਖ ਅਤੇ ਸਵੈਮਾਣ ਨਾਲ ਨਿਕਲਿਆ ਅਤੇ ਲਗਾਤਾਰ ਨਿਆਰੀ ਚਾਲੇ ਤੁਰ ਰਿਹਾ ਹੈ।
ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਂਦਿਆਂ ਖ਼ਾਲਸੇ ਦੇ ਬੋਲਬਾਲੇ ਅਤੇ ਸਰਬੱਤ ਦੇ ਭਲੇ ਦੀ ਸੋਚ ਦੇ ਪਾਸਾਰ ਵਾਸਤੇ ਗੁਰੂ ਆਸ਼ੇ ਅਨੁਕੂਲ ਗੁਰਮਤਿ ਫਲਸਫੇ ਦੀ ਰੌਸ਼ਨੀ ਵਿਚ ਆਦਰਸ਼ਕ ਜੀਵਨ ਜਾਚ ਅਪਨਾਉਣ ਦੀ ਅੱਜ ਵੱਡੀ ਲੋੜ ਹੈ। ਨੈਤਿਕ ਗੁਣਾਂ ਦੇ ਧਾਰਨੀ ਹੋ ਗੁਰੂ ਪਾਤਿਸ਼ਾਹ ਦੁਆਰਾ ਬਖਸ਼ਿਸ਼ ਕੀਤੀ ਜੀਵਨ-ਜਾਚ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜ ਹਿੱਸਾ ਬਣਾ ਆਪਣਾ ਜੀਵਨ ਬਤੀਤ ਕਰੀਏ, ਸਾਡੀ ਇਹ ਪਹਿਲ ਬਣਨੀ ਚਾਹੀਦੀ ਹੈ। ਇਸ ਮੁਬਾਰਕ ਅਵਸਰ ਤੇ ਮੈਂ ਪ੍ਰਤੀਨਿਧ ਸਿੱਖ ਸੰਸਥਾ ਦੀ ਪ੍ਰਤੀਨਿਧ ਦੇ ਰੂਪ ਵਿਚ ਸੰਸਾਰ ਭਰ ਵਿਚ ਪਸਰੇ ਖਾਲਸਾ ਪੰਥ ਅਤੇ ਸੰਸਾਰ ਦੀਆਂ ਸਰਬੱਤ ਸੰਗਤਾਂ ਨੂੰ ਵਧਾਈ ਦਿੰਦੀ ਹੋਈ ਅਪੀਲ ਕਰਦੀ ਹਾਂ ਕਿ ਆਓ! ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾਈਏ।
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ।