ਨਵੀਂ ਦਿੱਲੀ, 9 ਸਤੰਬਰ
ਸੁਪਰੀਮ ਕੋਰਟ ਨੇ ‘ਪਾਪੂਲਰ ਫਰੰਟ ਆਫ਼ ਇੰਡੀਆ’ (ਪੀਐੱਫਆਈ) ਦੇ 21 ਮੈਂਬਰਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ’ਤੇ ਪਿਛਲੇ ਸਾਲ 19 ਦਸੰਬਰ ਨੂੰ ਬੰਗਲੌਰ ਵਿੱਚ ਸੀਏਏ ਵਿਰੋਧੀ ਮੁਜ਼ਾਹਰਿਆਂ ਦੌਰਾਨ ਹੋਈ ਹਿੰਸਾ ਵਿੱਚ ਸ਼ਾਮਲ ਹੋਣ ਦਾ ਦੋਸ਼ ਸੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਇਸ ਤੋਂ ਪਹਿਲਾਂ ਕਰਨਾਟਕ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਦਾਇਰ ਕੀਤੀ ਗਈ ਅਪੀਲ ’ਤੇ ਅਦਾਲਤ ਨੇ ਮੁਜ਼ਾਹਰਾਕਾਰੀਆਂ ਨੂੰ ਮਿਲੀ ਜ਼ਮਾਨਤ ’ਤੇ ਸਟੇਅ ਲਗਾ ਦਿੱਤਾ ਸੀ।
ਚੀਫ਼ ਜਸਟਿਸ ਐੱਸ ਏ ਬੋਬੜੇ, ਏ ਐੱਸ ਬੋਪੰਨਾ ਅਤੇ ਵੀ ਰਾਮਾਸੁਬਰਾਮਨੀਅਨ ਦੇ ਬੈਂਚ ਨੇ ਕਿਹਾ ਕਿ ਅਰਜ਼ੀਕਰਤਾਵਾਂ ਨੂੰ ਇਸ ਸ਼ਰਤ ’ਤੇ ਰਿਹਾਈ ਦਿੱਤੀ ਜਾਵੇ ਕਿ ਉਹ ਕਿਸੇ ਵੀ ਕਿਸਮ ਦੀਆਂ ਹਿੰਸਕ ਗਤੀਵਿਧੀਆਂ ਜਾਂ ਮੀਟਿੰਗਾਂ ਵਿੱਚ ਹਿੱਸਾ ਨਹੀਂ ਲੈਣਗੇ। -ਪੀਟੀਆਈ