ਕੋਲਕਾਤਾ, 17 ਜੁਲਾਈ
ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਐੱਨਡੀਏ ਦਾ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ’ਤੇ ਸੂਬਾਈ ਕੈਬਨਿਟ ਮੰਤਰੀ ਚੰਦਰਿਮਾ ਭੱਟਾਚਾਰੀਆਂ ਨੇ ਅੱਜ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਧਨਖੜ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੁਖਾਲਫ਼ਤ ਕਰਨ ਦਾ ਇਨਾਮ ਦਿੱਤਾ ਗਿਆ ਹੈ। ਸੂਬੇ ਦੀ ਸਿਹਤ ਤੇ ਵਿੱਤ ਮੰਤਰੀ ਭੱਟਾਚਾਰੀਆ ਨੇ ਕਿਹਾ ਕਿ ਧਨਖੜ ਨੇ ਰਾਜਪਾਲ ਦੀ ਕੁਰਸੀ ’ਤੇ ਬੈਠੇ ਹੋਣ ਦੇ ਬਾਵਜੂਦ ਭਾਜਪਾ ਦੇ ਬੁਲਾਰੇ ਵਜੋਂ ਕੰਮ ਕੀਤਾ ਹੈ। ਇੱਥੇ ਇੱਕ ਪ੍ਰੋਗਰਾਮ ਦੌਰਾਨ ਵੱਖਰੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘‘ਉਨ੍ਹਾਂ (ਧਨਖੜ) ਨੂੰ ਸਰਕਾਰ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦਾ ਇਨਾਮ ਮਿਲਿਆ ਹੈ।’’ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੇ ਬੀਤੇ ਦਿਨੀਂ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। ਜੁਲਾਈ 2019 ਵਿੱਚ ਰਾਜਪਾਲ ਦਾ ਅਹੁਦਾ ਸੰਭਾਲਣ ਮਗਰੋਂ ਧਨਖੜ ਦਾ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨਾਲ ਕਈ ਮੁੱਦਿਆਂ ਨੂੰ ਲੈ ਕੇ ਟਕਰਾਅ ਹੋ ਚੁੱਕਿਆ ਹੈ। -ਪੀਟੀਆਈ