ਨਵੀਂ ਦਿੱਲੀ/ਗੁਹਾਟੀ, 27 ਜੂਨ
ਮੁੱਖ ਅੰਸ਼
- ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ’ਤੇ ਦੇਸ਼ ਦੀ ਸੁਰੱਖਿਆ ਤੇ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਦਾ ਦੋਸ਼ ਲਾਇਆ
ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਲਿਆਂਦੀ ਗਈ ‘ਅਗਨੀਪਥ’ ਯੋਜਨਾ ਖ਼ਿਲਾਫ਼ ਕਾਂਗਰਸ ਨੇ ਅੱਜ ਵੱਖ-ਵੱਖ ਸੂਬਿਆਂ ਦੇ ਵਿਧਾਨ ਸਭਾ ਹਲਕਿਆਂ ਵਿੱਚ ਸ਼ਾਂਤੀਪੂਰਵਕ ‘ਸਤਿਆਗ੍ਰਹਿ’ ਕੀਤਾ ਅਤੇ ਕੇਂਦਰ ਸਰਕਾਰ ’ਤੇ ਦੇਸ਼ ਦੀ ਸੁਰੱਖਿਆ ਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ। ਅਸਾਮ ਵਿੱਚ ਪੁਲੀਸ ਨੇ ਕਾਂਗਰਸ ਦੇ ਲੋਕ ਸਭਾ ਮੈਂਬਰ ਅਬਦੁਲ ਖਾਲਿਕ ਅਤੇ ਪਾਰਟੀ ਦੀ ਸੂਬਾਈ ਤਰਜਮਾਨ ਬੌਬੀਤਾ ਸ਼ਰਮਾ ਸਮੇਤ ਕਈ ਆਗੂਆਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ। ਪੂਰਬੀ ਗੁਹਾਟੀ ਵਿਧਾਨ ਸਭਾ ਹਲਕੇ ਦੇ ਸਿਲਪੂਖੁਰੀ ਖੇਤਰ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਆਏ ਖਾਲਿਕ ਨੇ ਦਾਅਵਾ ਕੀਤਾ ਕਿ ਭਾਜਪਾ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਨੇ ਜੰਮੂ ਕਸ਼ਮੀਰ ਦੇ ਵੱਖ ਵੱਖ ਖੇਤਰਾਂ ਵਿੱਚ ਵੀ ਪ੍ਰਦਰਸ਼ਨ ਕੀਤੇ। ਜੰਮੂ ਕਸ਼ਮੀਰ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਾਮ ਅਹਿਮਦ ਮੀਰ ਦੀ ਅਗਵਾਈ ਵਿੱਚ ਦਰਜਨਾਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਸੈਂਕੜੇ ਪਾਰਟੀ ਕਾਰਕੁਨਾਂ ਨੇ ਜੰਮੂ ਦੇ ਤਵੀ ਬਰਿੱਜ ਖੇਤਰ ਵਿੱਚ ਧਰਨਾ ਦਿੱਤਾ। ਅਰੁਣਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਗਿਆਮਾਰ ਤਾਨਾ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖੇਡ ਰਹੀ ਹੈ। ਰਾਜਸਥਾਨ ਵਿੱਚ ਕਾਂਗਰਸ ਨੇ ਸਾਰੇ 200 ਵਿਧਾਨ ਸਭਾ ਹਲਕਿਆਂ ਵਿੱਚ ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸੂਬਾਈ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਨੇ ਸੀਕਰ ਵਿੱਚ ਲਕਸ਼ਮਣਗੜ੍ਹ ਵਿੱਚ ਧਰਨਾ ਦਿੰਦਿਆ ਇਸ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ। -ਪੀਟੀਆਈ