ਨਵੀਂ ਦਿੱਲੀ, 7 ਫਰਵਰੀ
ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਹੁਣ ਤੱਕ 17.68 ਲੱਖ ਲਾਭਪਾਤਰੀਆਂ ਨੂੰ 41,415 ਕਰੋੜ ਰੁਪਏ ਦੀ ਵਿਆਜ ਸਬਸਿਡੀ ਵੰਡੀ ਹੈ। ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਰਾਜ ਸਭਾ ’ਚ ਲਿਖਤੀ ਜਵਾਬ ਰਾਹੀਂ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ’ਚ ਕ੍ਰੈਡਿਟ ਲਿੰਕਡ ਸਬਸਿਡੀ ਸਕੀਮ ਤਹਿਤ 5,320 ਕਰੋੜ ਰੁਪਏ ਦੀ ਸਬਸਿਡੀ ਵੰਡੀ ਗਈ ਹੈ। ਮੰਤਰੀ ਨੇ ਕਿਹਾ ਕਿ ਮੰਤਰਾਲੇ ਵੱਲੋਂ ਯੋਗ ਲਾਭਪਾਤਰੀਆਂ ਨੂੰ ਘਰ ਪ੍ਰਦਾਨ ਕਰਨ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਕੋਸ਼ਿਸ਼ਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਮਾਰਟ ਸਿਟੀਜ਼ ਮਿਸ਼ਨ ਤਹਿਤ ਸਰਕਾਰ ਨੇ ਝੁੱਗੀ-ਝੌਂਪੜੀਆਂ ਦੇ ਪੁਨਰ ਵਿਕਾਸ ਪ੍ਰਾਜੈਕਟਾਂ ’ਤੇ 3,013.73 ਕਰੋੜ ਰੁਪਏ ਖ਼ਰਚੇ ਹਨ। ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਛੱਤ ਮੁਹੱਈਆ ਕਰਵਾਉਣ ਦੀ ਇਹ ਇੱਕ ਕੋਸਿ਼ਸ਼ ਹੈ। -ਪੀਟੀਆਈ