ਜੰਮੂ: ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਕੀਤੀ ਗਈ ਉਲੰਘਣਾ ਦੇ ਜਵਾਬ ’ਚ ਭਾਰਤੀ ਫ਼ੌਜ ਦੀ ਕਾਰਵਾਈ ’ਚ ਪਾਕਿਸਤਾਨ ਦੇ ਪੰਜ ਸੈਨਿਕ ਹਲਾਕ ਹੋ ਗਏ। ਰੱਖਿਆ ਸੂਤਰਾਂ ਨੇ ਕਿਹਾ ਕਿ ਪਾਕਿਸਤਾਨ ਨੇ ਬਿਨਾਂ ਭੜਕਾਹਟ ਦੇ ਵੀਰਵਾਰ ਨੂੰ ਪੁਣਛ ਜ਼ਿਲ੍ਹੇ ਦੇ ਮਾਨਕੋਟ ਸੈਕਟਰ ’ਚ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨ ਬਣਾ ਕੇ ਗੋਲਾਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫ਼ੌਜ ਵੱਲੋਂ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਅੰਨ੍ਹੇਵਾਹ ਗੋਲਾਬਾਰੀ ’ਚ ਆਮ ਲੋਕਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਿਆ। ਇਸ ਮਗਰੋਂ ਭਾਰਤੀ ਫ਼ੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ ਜਿਸ ’ਚ ਪੰਜ ਪਾਕਿਸਤਾਨੀ ਫ਼ੌਜੀ ਮਾਰੇ ਗਏ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਸੂਤਰਾਂ ਨੇ ਕਿਹਾ ਕਿ ਜਵਾਬੀ ਕਾਰਵਾਈ ਦੌਰਾਨ ਪਾਕਿਸਤਾਨ ਦੇ ਕਈ ਬੰਕਰ ਵੀ ਤਬਾਹ ਹੋ ਗਏ ਹਨ। ਦੋਵੇਂ ਪਾਸਿਆਂ ਤੋਂ ਦੋ ਘੰਟਿਆਂ ਤੱਕ ਗੋਲਾਬਾਰੀ ਹੁੰਦੀ ਰਹੀ। -ਆਈਏਐਨਐਸ
ਪਾਕਿ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
ਇਸਲਾਮਾਬਾਦ: ਪਾਕਿਸਤਾਨ ਨੇ ਭਾਰਤੀ ਫ਼ੌਜ ’ਤੇ ਕੰਟਰੋਲ ਰੇਖਾ ਉਪਰ ਗੋਲੀਬੰਦੀ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਅੱਜ ਭਾਰਤੀ ਹਾਈ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ। ਵਿਦੇਸ਼ ਦਫ਼ਤਰ ਨੇ ਦੋਸ਼ ਲਾਇਆ ਕਿ ਹੌਟਸਪਰਿੰਗ ਸੈਕਟਰ ’ਚ ਭਾਰਤੀ ਫ਼ੌਜ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ 55 ਵਰ੍ਹਿਆਂ ਦਾ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਵਿਦੇਸ਼ ਦਫ਼ਤਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਗੋਲੀਬੰਦੀ ਦੇ ਸਮਝੌਤੇ ਦੀ ਸਪੱਸ਼ਟ ਉਲੰਘਣਾ ਹੈ। -ਪੀਟੀਆਈ