ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਫਰਵਰੀ
ਉੱਤਰੀ ਦਿੱਲੀ ਦੇ ਸਦਰ ਬਾਜ਼ਾਰ ਇਲਾਕੇ ਵਿੱਚ ਅੱਜ ਸਵੇਰੇ ਇਕ ਇਮਾਰਤ ਡਿੱਗਣ ਕਾਰਨ ਕੁੱਝ ਪਰਿਵਾਰ ਇਮਾਰਤ ਦੇ ਮਲਬੇ ਵਿੱਚ ਦੱਬ ਗਏ। ਇਹ ਜਾਣਕਾਰੀ ਅੱਗ ਬੁਝਾਊ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਹੋਰਨਾਂ ਲੋਕਾਂ ਨੂੰ ਵੀ ਮਲਬੇ ਹੇਠੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸਵੇਰੇ ਸਾਢੇ 10 ਵਜੇ ਦੇ ਕਰੀਬ ਕਿਸੇ ਨੇ ਫੋਨ ’ਤੇ ਉਨ੍ਹਾਂ ਨੂੰ ਇਕ ਮਕਾਨ ਢਹਿਣ ਬਾਰੇ ਸੂਚਨਾ ਦਿੱਤੀ ਸੀ। ਛੇ ਫਾਇਰ ਟੈਂਡਰ ਅਤੇ ਪੁਲੀਸ ਦੀ ਟੀਮ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਉਹ ਘਟਨਾ ਕਾਰਨ ਬਹੁਤ ਚਿੰਤਤ ਹਨ। ਰਾਹਤ ਤੇ ਮੈਡੀਕਲ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪੁੱਜ ਗਈ ਹੈ ਅਤੇ ਰਾਹਤ ਤੇ ਬਚਾਅ ਕਾਰਜ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ। –