ਨਵੀਂ ਦਿੱਲੀ, 19 ਜੁਲਾਈਤ੍ਰਿਣਮੂਲ ਕਾਂਗਰਸ ਨੇ ਹਾਲ ਹੀ ਵਿਚ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਲ ਹੋਏ ਪੱਛਮੀ ਬੰਗਾਲ ਦੇ ਇਕ ਸੰਸਦ ਮੈਂਬਰ ਨੂੰ ਕਥਿਤ ਤੌਰ ਤੇ ਬੰਗਲਾਦੇਸ਼ੀ ਦੱਸਿਆ ਅਤੇ ਇਸ ਬਾਰੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ। ਇਸ ਮੁੱਦੇ ਨੂੰ ਲੈ ਕੇ ਹੋਏ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਬਾਅਦ ਦੁਪਹਿਰ 3 ਵਜੇ ਤੱਕ ਮੁਲਤਵੀ ਕਰਨ ਦਿੱਤੀ ਗਈ। ਦੋ ਵਾਰ ਮੁਲਤਵੀ ਹੋਣ ਮਗਰੋਂ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਤ੍ਰਿਣਮੂਲ ਕਾਂਗਰਸ ਦੇ ਸੁਖੇਂਦੂ ਸ਼ੇਖਰ ਰਾਏ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀ ਮੰਡਲ ਦੇ ਜਿਨ੍ਹਾਂ ਸਹਿਯੋਗੀਆਂ ਦੀ ਸੂਚੀ ਸਦਨ ਵਿਚ ਰੱਖੀ ਹੈ ਉਨ੍ਹਾਂ ਵਿਚ ਇਕ ਰਾਜ ਮੰਤਰੀ ਕਥਿਤ ਤੌਰ ਉੱਤੇ ਬੰਗਲਾਦੇਸ਼ੀ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਇਕ ਨੋਟਿਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੰਤਰੀ ਬੰਗਲਾਦੇਸ਼ੀ ਹੈ ਜਾਂ ਨਹੀਂ ਇਹ ਜਾਣਨ ਦਾ ਉਨ੍ਹਾਂ ਨੂੰ ਪੂਰਾ ਹੱਕ ਹੈ। ਸੱਤਾ ਧਿਰ ਭਾਜਪਾ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਸਦਨ ਦੇ ਆਗੂ ਪਿਯੂਸ਼ ਗੋਇਲ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। -ਪੀਟੀਆਈ