ਨਵੀਂ ਦਿੱਲੀ: ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪਾਰਟੀ ਆਗੂਆਂ ਸਣੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਆਗੂ ਚਿਰਾਗ ਪਾਸਵਾਨ ਸਣੇ ਭਾਜਪਾ ਦੀਆਂ ਕੁਝ ਨਵੀਆਂ ਸਹਿਯੋਗੀ ਪਾਰਟੀਆਂ ਤੇ ਕੁਝ ਸਾਬਕਾ ਸਹਿਯੋਗੀ ਪਾਰਟੀਆਂ ਦੇ ਆਗੂ ਸ਼ਾਮਲ ਹੋ ਸਕਦੇ ਹਨ। ਇਹ ਮੀਟਿੰਗ ਸੱਤਾਧਾਰੀ ਐੱਨਡੀਏ ਵੱਲੋਂ ਆਪਣੀ ਤਾਕਤ ਦੇ ਮੁਜ਼ਾਹਰੇ ਲਈ ਕੀਤੀ ਜਾ ਰਹੀ ਹੈ ਕਿਉਂਕਿ ਵਿਰੋਧੀ ਧਿਰਾਂ ਮੋਦੀ ਸਰਕਾਰ ਖ਼ਿਲਾਫ਼ ਇਕਜੁੱਟ ਦੇ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਕਾਬਿਲੇਗੌਰ ਹੈ ਕਿ ਕੇਂਦਰੀ ਮੰਤਰੀ ਨਿਤਿਆਨੰਦ ਰਾਏ ਬੀਤੀ ਦੇਰ ਰਾਤ ਚਿਰਾਗ ਪਾਸਵਾਨ ਨੂੰ ਮਿਲੇ ਸਨ ਤੇ ਉਹ ਪੱਤਰ ਵੀ ਸਾਂਝਾ ਕੀਤਾ ਜੋ ਕਿ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਲਿਖਿਆ ਗਿਆ ਸੀ। ਪੱਤਰ ਵਿੱਚ ਪਾਸਵਾਨ ਨੂੰ ਮੀਟਿੰਗ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸ੍ਰੀ ਨੱਢਾ ਨੇ ਪੱਤਰ ਵਿੱਚ ਸੁਨੇਹਾ ਦਿੱਤਾ ਕਿ ਖੇਤਰੀ ਪਾਰਟੀ ਐੱਲਜੇਪੀ (ਆਰ) ਐੱਨਡੀਏ ਦਾ ਅਹਿਮ ਹਿੱਸਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਤੇ ਭਲਾਈ ਯੋਜਨਾਵਾਂ ਨੂੰ ਅੱਗੇ ਵਧਾਉਣ ਵਿੱਚ ਪਾਰਟੀ ਦਾ ਅਹਿਮ ਯੋਗਦਾਨ ਹੈ। ਜ਼ਿਕਰਯੋਗ ਹੈ ਕਿ ਨਿਤਿਆਨੰਦ ਰਾਏ ਇਕ ਹਫਤੇ ਵਿੱਚ ਦੂਜੀ ਵਾਰ ਪਾਸਵਾਨ ਨੂੰ ਮਿਲੇ ਹਨ। ਸੂਤਰਾਂ ਅਨੁਸਾਰ ਭਾਜਪਾ ਨੇ ਅਜਿਹੇ ਪੱਤਰ ਹੋਰਨਾਂ ਸਹਿਯੋਗੀ ਪਾਰਟੀਆਂ ਨੂੰ ਵੀ ਲਿਖੇ ਹਨ ਅਤੇ ਹਿੰਦੁਸਤਾਨੀ ਅਵਾਮ ਮੋਰਚਾ ਦੇ ਆਗੂ ਜੀਤਨ ਰਾਮ ਮਾਂਝੀ, ਜੋ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਵੀ ਹਨ ਤੇ ਉਨ੍ਹਾਂ ਦੇ ਪੁੱਤਰ ਸੰਤੋਸ਼ ਕੁਮਾਰ ਸੁਮਨ ਨੇ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ ’ਚ ਸ਼ਾਮਲ ਹੋਣ ਦੀ ਗੱਲ ਕਹੀ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਹ ਮੀਟਿੰਗ ਅਗਾਮੀਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਨਡੀਏ ਵੱਲੋਂ ਤਾਕਤ ਦਿਖਾਉਣ ਲਈ ਕੀਤੀ ਜਾ ਰਹੀ ਹੈ। -ਪੀਟੀਆਈ