ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਦਸੰਬਰ
ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਪਲਵਲ ਬਾਰਡਰ ਸਮੇਤ ਹੋਰ ਥਾਵਾਂ ’ਤੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਅੱਜ ਇਕ ਰੋਜ਼ਾ ਭੁੱਖ ਹੜਤਾਲ ਕੀਤੀ। ਕੇਂਦਰ ਸਰਕਾਰ ਉਪਰ ਦਬਾਅ ਪਾਉਣ ਲਈ ਪੰਜਾਬ ਦੀਆਂ 32 ਅਤੇ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਭੁੱਖ ਹੜਤਾਲ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਕੀਤੀ ਗਈ। ਸਿੰਘੂ ਬਾਰਡਰ ’ਤੇ ਮੋਰਚੇ ਦੀ ਸਫ਼ਲਤਾ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਦੇ ਨਾਲ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਵਰਤ ਤੋੜਿਆ ਗਿਆ। ਇਸ ਦੌਰਾਨ ਸਿੰਘੂ ਬਾਰਡਰ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਹਿ’ ਦੇ ਜੈਕਾਰਿਆਂ ਨਾਲ ਗੂੰਜ ਪਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਲੋਕਤੰਤਰੀ ਢੰਗ ਨਾਲ ਨਿੱਗਰ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ। ਮੁੱਖ ਬੁਲਾਰਿਆਂ ਦੀ ਸੁਰ ਮੋਦੀ ਸਰਕਾਰ ਖ਼ਿਲਾਫ਼ ਤਿੱਖੀ ਰਹੀ ਅਤੇ ਇਹ ਇਰਾਦਾ ਜ਼ਾਹਰ ਕਰ ਦਿੱਤਾ ਕਿ ਕਿਸਾਨ ਝੁਕਣ ਵਾਲੇ ਨਹੀਂ ਹਨ। ਮੁਲਕ ਦੇ ਕਈ ਹੋਰ ਹਿੱਸਿਆਂ ’ਚ ਵੀ ਕਿਸਾਨਾਂ ਨੇ ਭੁੱਖ ਹੜਤਾਲ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਨੌਜਵਾਨ ਸੁਚੇਤ ਰਹਿਣ ਅਤੇ ਉਹ ਬੋਲਣ ਸਮੇਂ ਕਿਸਾਨੀ ਮੁੱਦਿਆਂ ’ਤੇ ਹੀ ਧਿਆਨ ਕੇਂਦਰਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਨਹੀਂ ਜਾਣ ਦੇਣਗੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦਾ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਬਾਕੀ ਸਫਾ ਅੰਦੋਲਨ ਤੋਂ ਬੁਖਲਾ ਚੁੱਕੀ ਹੈ ਅਤੇ ਅੰਦੋਲਨ ਨੂੰ ਬਦਨਾਮ ਕਰਨ ਲਈ ਕੋਝੀਆਂ ਹਰਕਤਾਂ ਕਰ ਰਹੀ ਹੈ ਜਿਸ ਕਾਰਨ ਉਹ ਅੰਦੋਲਨ ਨੂੰ ਕਦੇ ਖਾਲਿਸਤਾਨੀ ਅਤੇ ਕਦੇ ਨਕਸਲੀ ਅੰਦੋਲਨ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸਾਰੇ ਭਾਰਤੀ ਕਿਸਾਨਾਂ ਦਾ ਹੈ ਜੋ ਹੁਣ ਲੋਕ ਅੰਦੋਲਨ ਬਣ ਚੁੱਕਾ ਹੈ। ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜੀਰਾ ਨੇ ਕਿਸਾਨਾਂ ਨੂੰ ਹੌਸਲੇ ਨਾਲ ਲੰਬੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਅੜੇ ਹੋਏ ਆਖ ਕੇ ਅਸਲ ਮੁੱਦਾ ਛੁਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸੰਵਿਧਾਨਕ ਉਲੰਘਣਾ ਕਰਕੇ ਰਾਜ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦਿੱਤਾ ਹੈ ਅਤੇ ਰਾਜ ਸਭਾ ਵਿੱਚ ਬਹਿਸ ਤੱਕ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਇਸੇ ਕਰਕੇ ਆਪਣੀਆਂ ਮੰਗਾਂ ਲਈ ਬਜ਼ਿੱਦ ਹਨ ਪਰ ਹਕੀਕਤ ਵਿੱਚ ਅੜੀਅਲ ਰਵੱਈਆ ਕੇਂਦਰ ਦਾ ਹੈ ਕਿਉਂਕਿ ਉਹ ਗਲਤ ਤਰੀਕੇ ਨਾਲ ਲਾਗੂ ਕੀਤਾ ਕਾਨੂੰਨ ਰੱਦ ਨਹੀਂ ਕਰ ਰਹੀ।
ਕਿਸਾਨ ਅੜੀਅਲ ਰਵੱਈਆ ਛੱਡਣ: ਰੈਡੀ
ਹੈਦਰਾਬਾਦ: ਕੇਂਦਰੀ ਰਾਜ ਮੰਤਰੀ ਕਿਸ਼ਨ ਰੈਡੀ ਨੇ ਅੱਜ ਕਿਹਾ ਕਿ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਨੂੰ ਅੱਖਾਂ ’ਤੇ ਪੱਟੀ ਬੰਨ੍ਹ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਪੜ੍ਹਿਆ ਜਾਵੇ ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਤਿਆਰ ਹੈ।
ਸਿੰਘੂ ਬਾਰਡਰ ’ਤੇ ਭਿੰਡਰ ਕਲਾਂ ਦੇ ਕਿਸਾਨ ਦੀ ਮੌਤ
ਮੋਗਾ (ਮਹਿੰਦਰ ਸਿੰਘ ਰੱਤੀਆਂ): ਦਿੱਲੀ ਦੇ ਸਿੰਘੂ ਬਾਰਡਰ ਉੱਤੇ ਚੱਲ ਰਹੇ ਸੰਘਰਸ਼ ਦੌਰਾਨ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੇ ਕਿਸਾਨ ਮੱਖਣ ਸਿੰਘ (44) ਦੀ ਮੌਤ ਹੋ ਗਈ। ਸਮੂਹ ਕਿਸਾਨ ਆਗੂਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਉਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੱਖਣ ਸਿੰਘ ਬੀਤੇ ਦਿਨ ਹੀ ਕਾਫ਼ਲੇ ਨਾਲ ਦਿੱਲੀ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਕਿਸਾਨਾਂ ਨੂੰ ਆਪਸੀ ਸਾਂਝ ਬਣਾਈ ਰੱਖਣ ਦੀ ਅਪੀਲ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੰਥਕ ਤਾਲਮੇਲ ਸੰਗਠਨ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਇਕ ਮੰਚ ਤੋਂ ਕੀਤੀ ਵਿਸ਼ੇਸ਼ ਅਪੀਲ ਉਪਰੰਤ ਛਿੜੇ ਵਿਵਾਦ ਬਾਰੇ ਆਖਿਆ ਕਿ ਕਿਸਾਨ ਆਗੂ ਅਤੇ ਲੋਕ ਆਪਸੀ ਸਾਂਝ ਨੂੰ ਪਹਿਲ ਦੇਣ। ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਕਿਸਾਨੀ ਅੰਦੋਲਨ ਇਸ ਵੇਲੇ ਕੌਮਾਂਤਰੀ ਲੋਕ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ, ਜਿਸ ਵਿਚ ਹਰ ਧਰਮ, ਭਾਸ਼ਾ, ਖੇਤਰ ਤੇ ਸਭਿਆਚਾਰ ਦੇ ਲੋਕ ਸ਼ਾਮਲ ਹੋ ਰਹੇ ਹਨ। ਇਹ ਸਾਰੇ ਆਪੋ ਆਪਣੀ ਆਸਥਾ ਅਤੇ ਸੰਘਰਸ਼ੀ ਖੇਤਰ ਨਾਲ ਜੁੜੇ ਚਿੰਨ੍ਹ ਲੈ ਕੇ ਅੰਦੋਲਨ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਦੇ ਹਰੇ, ਲਾਲ, ਪੀਲੇ ਅਤੇ ਕਾਲੇ ਝੰਡੇ ਅੰਦੋਲਨ ਵਿਚ ਸਭ ਰੰਗ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੂੰ ਖਾਲਸਾਈ ਨਿਸ਼ਾਨ ਸਾਹਿਬ ਦੇਖ ਕੇ ਕੋਈ ਭਰਮ ਭੁਲੇਖਾ ਪੈਂਦਾ ਹੈ ਤਾਂ ਇਹ ਉਸ ਦੀ ਤੰਗ ਦਿਲੀ ਹੈ। ਸੰਗਠਨ ਨੇ ਅਪੀਲ ਕੀਤੀ ਕਿ ਇਸ ਲੋਕ ਅੰਦੋਲਨ ਦੀ ਸਫਲਤਾ ਲਈ ਜ਼ਾਬਤਾ ਬਣਾਈ ਰੱਖਣ।
ਆਰਐੱਸਐੱਸ ਨਾਲ ਜੁੜੇ ਭਾਰਤੀ ਕਿਸਾਨ ਸੰਘ ਦਾ ਮੁਜ਼ਾਹਰਾ ਅੱਜ
ਇੰਦੌਰ: ਆਰਐੱਸਐੱਸ ਨਾਲ ਜੁੜੇ ਭਾਰਤੀ ਕਿਸਾਨ ਸੰਘ ਨੇ ਭਲਕੇ ਮੱਧ ਪ੍ਰਦੇਸ਼ ਵਿਚ ਐਮਐੱਸਪੀ ਪੱਕੀ ਕਰਨ ਦੀ ਮੰਗ ਕਰਦਿਆਂ ਦੋ ਕੌਮੀ ਮਾਰਗਾਂ ਉਤੇ ਰੋਸ ਪ੍ਰਗਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਕਰੀਬ ਦਸ ਹਜ਼ਾਰ ਕਿਸਾਨਾਂ ਵੱਲੋਂ ਹਿੱਸਾ ਲੈਣ ਦੀ ਸੰਭਾਵਨਾ ਹੈ। -ਪੀਟੀਆਈ