ਨਵੀਂ ਦਿੱਲੀ, 8 ਦਸੰਬਰ
ਆਮ ਆਦਮੀ ਪਾਰਟੀ ਨੇ ਦਿੱਲੀ ਪੁਲੀਸ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਕੇਜਰੀਵਾਲ ਲੰਘੇ ਦਿਨ ਸਿੰਘੂ ਸਰਹੱਦ ’ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਿਲਣ ਲਈ ਗਏ ਸੀ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਉਧਰ ਦਿੱਲੀ ਪੁਲੀਸ ਨੇ ‘ਆਪ’ ਦੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕੇਜਰੀਵਾਲ ਨੇ ਸੋਮਵਾਰ ਨੂੰ ਸਿੰਘੂ ਸਰਹੱਦ ਦਾ ਦੌਰਾ ਕਰਕੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਵੀ ਕੇਜਰੀਵਾਲ ਦੀ ਰਿਹਾਇਸ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ‘ਆਪ’ ਆਗੂ ਨੇ ਮਗਰੋਂ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰੈੱਸ ਕਾਨਫਰੰਸ ਵੀ ਕੀਤੀ। ਇਸ ਤੋਂ ਪਹਿਲਾਂ ‘ਆਪ’ ਦੇ ਬੁਲਾਰੇ ਸੌਰਵ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਪੁਲੀਸ ਵੱਲੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ, ‘ਕੇਜਰੀਵਾਲ ਜਦੋਂ ਦੇ ਸਿੰਘੂ ਸਰਹੱਦ ’ਤੇ ਕਿਸਾਨਾਂ ਨੂੰ ਮਿਲ ਕੇ ਆਏ ਹਨ, ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੇਜਰੀਵਾਲ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਉਨ੍ਹਾਂ ਦੇ ਘਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਕਿਸੇ ਨਾਲ ਮਿਲਣ ਵੀ ਨਹੀਂ ਦਿੱਤਾ ਜਾ ਰਿਹੈ।’ ਭਾਰਦਵਾਜ ਨੇ ਕਿਹਾ, ‘ਸਾਨੂੰ ਇਹ ਦੱਸਿਆ ਗਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਕੇਜਰੀਵਾਲ ਨੂੰ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹਿਣ ਤੱਕ ਘਰ ਵਿੱਚ ਨਜ਼ਰਬੰਦ ਕਰਨ ਲਈ ਆਖਿਆ ਗਿਆ ਹੈ।’ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਵਾਲਿਆਂ ’ਚ ‘ਆਪ’ ਆਗੂ ਦੁਰਗੇਸ਼ ਪਾਠਕ, ਦਿਲੀਪ ਪਾਂਡੇ ਤੇ ਸੋਮਨਾਥ ਭਾਰਤੀ ਵੀ ਸ਼ਾਮਲ ਸਨ। ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੁਲੀਸ ਨੇ ਉਨ੍ਹਾਂ ਨੂੰ ਵੀ ਕੇਜਰੀਵਾਲ ਦੀ ਰਿਹਾਇਸ਼ ’ਤੇ ਜਾਣ ਤੋਂ ਰੋਕਿਆ। ਮਾਨ ਨੇ ਕਿਹਾ, ‘ਅਸੀਂ ਐਮਰਜੈਂਸੀ ਬਾਰੇ ਸੁਣਿਆ ਸੀ, ਪਰ ਅੱਜ ਇਸ ਦਾ ਤਜਰਬਾ ਵੀ ਹੋ ਗਿਆ। ਮੈਂ ਲੋਕਾਂ ਦਾ ਚੁਣਿਆ ਨੁਮਾਇੰਦਾ ਹਾਂ ਤੇ ਮੈਨੂੰ ਵੀ ਨਹੀਂ ਜਾਣ ਦਿੱਤਾ ਗਿਆ।’
ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ, ‘ਕੇਜਰੀਵਾਲ ਨੂੰ ਘਰ ’ਚ ਨਜ਼ਰਬੰਦ ਕੀਤਾ ਕਿਉਂਕਿ ਸਰਕਾਰ ਨਹੀਂ ਚਾਹੁੰਦੀ ਕਿ ਉਹ ਕਿਸਾਨਾਂ ਨਾਲ ਖੜ੍ਹਾ ਹੋਵੇ।’ ਇਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਪਾਰਟੀ ਦੇ ਹੋਰਨਾਂ ਵਿਧਾਇਕਾਂ ਨੂੰ ਮੁੱਖ ਮੰਤਰੀ ਨਾਲ ਨਹੀਂ ਮਿਲਣ ਦਿੱਤਾ ਗਿਆ। ਉਧਰ ਪੁਲੀਸ ਦੇ ਵਿਸ਼ੇਸ਼ ਕਮਿਸ਼ਨਰ (ਕਾਨੂੰਨ ਤੇ ਵਿਵਸਥਾ) ਉੱਤਰੀ ਜ਼ੋਨ ਸਤੀਸ਼ ਗੋਲਚਾ ਨੇ ਆਮ ਆਦਮੀ ਪਾਰਟੀ ਦੇ ਉਪਰੋਕਤ ਦਾਅਵਿਆਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ, ‘ਅਜਿਹੀਆਂ ਕੋਈ ਪਾਬੰਦੀਆਂ ਨਹੀਂ ਲਾਈਆਂ ਗਈਆਂ। ਮੁੱਖ ਮੰਤਰੀ ਆਮ ਵਾਂਗ ਆਪਣੇ ਕੰਮਕਾਜ ਕਰ ਰਹੇ ਹਨ।’ -ਪੀਟੀਆਈ