ਨਵੀਂ ਦਿੱਲੀ, 27 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦਾ ਆਗਾਜ਼ ਕੀਤਾ ਜਿਸ ਤਹਿਤ ਲੋਕਾਂ ਨੂੰ ਡਿਜੀਟਲ ਹੈਲਥ ਆਈਡੀ ਮੁਹੱਈਆ ਕਰਵਾਈ ਜਾਵੇਗੀ ਜਿਸ ’ਚ ਉਨ੍ਹਾਂ ਦੀ ਸਿਹਤ ਦਾ ਰਿਕਾਰਡ ਹੋਵੇਗਾ। ਆਪਣੇ ਸੰਬੋਧਨ ’ਚ ਸ੍ਰੀ ਮੋਦੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਸਿਹਤ ਸੰਭਾਲ ਖੇਤਰ ’ਚ ਇਨਕਲਾਬੀ ਬਦਲਾਅ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਬਣਾਉਣ ’ਚ ਪਿਛਲੇ ਸੱਤ ਸਾਲਾਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਇਹ ਨਵਾਂ ਪੜਾਅ ਸ਼ੁਰੂ ਹੋਇਆ ਹੈ। ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੇ ਪਾਇਲਟ ਪ੍ਰਾਜੈਕਟ ਦਾ ਐਲਾਨ ਪ੍ਰਧਾਨ ਮੰਤਰੀ ਨੇ ਪਿਛਲੇ ਸਾਲ 15 ਅਗਸਤ ਨੂੰ ਲਾਲ ਕਿਲੇ ਤੋਂ ਕੀਤਾ ਸੀ। ਇਸ ਸਮੇਂ ਪਾਇਲਟ ਪ੍ਰਾਜੈਕਟ ਤਹਿਤ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਛੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਲਾਗੂ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਯੋਗ ਅੰਕੜੇ ਮੁਹੱਈਆ ਕਰਵਾਏਗਾ ਜਿਸ ਨਾਲ ਮਰੀਜ਼ਾਂ ਨੂੰ ਬਿਹਤਰ ਇਲਾਜ ਮਿਲ ਸਕੇਗਾ। ਇਸ ਮਿਸ਼ਨ ਤਹਿਤ ਲੋਕਾਂ ਨੂੰ ਡਿਜੀਟਲ ਹੈਲਥ ਆਈਡੀ ਮਿਲੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਤੋਂ ਗਰੀਬਾਂ ਅਤੇ ਮੱਧ ਵਰਗ ਨੂੰ ਸਭ ਤੋਂ ਜ਼ਿਆਦਾ ਲਾਹਾ ਮਿਲੇਗਾ। ਤਕਨਾਲੋਜੀ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਅਰੋਗਿਆ ਸੇਤੂ ਐਪ ਨਾਲ ਕਰੋਨਾਵਾਇਰਸ ਲਾਗ ਫੈਲਣ ਤੋਂ ਰੋਕਣ ’ਚ ਸਹਾਇਤਾ ਮਿਲੀ। ਉਨ੍ਹਾਂ ਕਿਹਾ ਕਿ ਕੋਵਿਨ ਐਪ ਨੇ ਕਰੀਬ 90 ਕਰੋੜ ਵੈਕਸੀਨ ਖੁਰਾਕਾਂ ਲਗਾਉਣ ’ਚ ਸਹਿਯੋਗ ਦਿੱਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਮਿਸ਼ਨ ਤਹਿਤ ਹਰ ਵਿਅਕਤੀ ਦੀ ਬਿਮਾਰੀ ਆਦਿ ਦਾ ਡੇਟਾ ਸੁਰੱਖਿਅਤ ਹੋ ਜਾਵੇਗਾ ਅਤੇ ਲੋੜ ਪੈਣ ’ਤੇ ਉਨ੍ਹਾਂ ਦੀ ਮਦਦ ਵੀ ਕੀਤੀ ਜਾ ਸਕਦੀ ਹੈ। -ਪੀਟੀਆਈ