ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਭਾਜਪਾ ਦੇ ਕੁੱਝ ਆਗੂਆਂ ਵੱਲੋਂ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਵਾ ਰਹੀ ਹੈ। ਉਨ੍ਹਾਂ ਸਿਸੋਦੀਆ ਤੇ ਸਤੇਂਦਰ ਜੈਨ ’ਤੇ ਸਕੂਲ ਦੀਆਂ ਇਮਾਰਤਾਂ ਦੇ ਨਿਰਮਾਣ ’ਚ 2000 ਕਰੋੜ ਰੁਪਏ ਦੇ ਘਪਲੇ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੇ ਭਾਜਪਾ ਆਗੂਆਂ ਕਪਿਲ ਮਿਸ਼ਰਾ, ਹਰੀਸ਼ ਖੁਰਾਣਾ ਤੇ ਨੀਲਕੰਠ ਬਖਸ਼ੀ ਨੂੰ ਨੋਟਿਸ ਭੇਜ ਕੇ ਦੋਸ਼ ਸਾਬਤ ਕਰਨ ਲਈ ਦਸਤਾਵੇਜ਼ ਮੰਗੇ ਹਨ। ਉਧਰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੋਂ ਪੁੱਛ-ਪੜਤਾਲ ਦੌਰਾਨ ਵਕੀਲ ਦੀ ਹਾਜ਼ਰੀ ਦੀ ਇਜਾਜ਼ਤ ਦੇਣ ਵਾਲੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ।