ਮੁੰਬਈ, 14 ਜਨਵਰੀ
ਇਕ ਮਹਿਲਾ ਵੱਲੋਂ ਮਹਾਰਾਸ਼ਟਰ ਦੇ ਮੰਤਰੀ ਅਤੇ ਐੱਨਸੀਪੀ ਆਗੂ ਧਨੰਜਯ ਮੁੰਡੇ ਖ਼ਿਲਾਫ਼ ਲਾਏ ਗਏ ਜਬਰ-ਜਨਾਹ ਦੇ ਕਥਿਤ ਦੋਸ਼ਾਂ ਮਗਰੋਂ ਸਿਆਸਤ ਭਖ਼ ਗਈ ਹੈ। ਐੱਨਸੀਪੀ ਨੇ ਦੋਸ਼ਾਂ ਨੂੰ ਗੰਭੀਰ ਕਰਾਰ ਦਿੰਦਿਆਂ ਕਿਹਾ ਹੈ ਕਿ ਪਾਰਟੀ ਵੱਲੋਂ ਮੁੱਦੇ ’ਤੇ ਵਿਚਾਰ ਵਟਾਂਦਰਾ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਐੱਨਸੀਪੀ ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਕਿ ਸਮਾਜਿਕ ਨਿਆਂ ਮੰਤਰੀ ਖ਼ਿਲਾਫ਼ ਦੋਸ਼ ਗੰਭੀਰ ਹਨ ਅਤੇ ਛੇਤੀ ਪਾਰਟੀ ਵੱਲੋਂ ਇਸ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸ੍ਰੀ ਪਵਾਰ ਨੇ ਕਿਹਾ ਕਿ ਮੁੰਡੇ ਨੇ ਬੁੱਧਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣੀ ਸਫ਼ਾਈ ਦਿੱਤੀ ਹੈ। ਮੁੰਡੇ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਸ੍ਰੀ ਪਵਾਰ ਅਤੇ ਪਾਰਟੀ ਦੇ ਹੋਰ ਆਗੂ ਫ਼ੈਸਲਾ ਲੈਣਗੇ। ਪਾਰਟੀ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਅਤੇ ਸੂਬਾਈ ਮੰਤਰੀ ਜੈਯੰਤ ਪਾਟਿਲ ਨੇ ਕਿਹਾ ਕਿ ਕਿਸੇ ਵੱਲੋਂ ਲਾਏ ਗਏ ਦੋਸ਼ਾਂ ਦੇ ਆਧਾਰ ’ਤੇ ਮੁੰਡੇ ਅਸਤੀਫ਼ਾ ਨਹੀਂ ਦੇਣਗੇ। ਪਾਟਿਲ ਨੇ ਕਿਹਾ ਕਿ ਮੁੰਡੇ ਨੂੰ ਬਲੈਕਮੇਲ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਇਸ ਦੀ ਪੁਲੀਸ ਕੋਲ ਸ਼ਿਕਾਇਤ ਕੀਤੀ ਹੈ। ‘ਜਦੋਂ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਢੁੱਕਵੀਂ ਕਾਰਵਾਈ ਨਹੀਂ ਕੀਤੀ ਤਾਂ ਮੁੰਡੇ ਨੇ ਬੰਬੇ ਹਾਈ ਕੋਰਟ ਕੋਲ ਪਹੁੰਚ ਕੀਤੀ ਹੈ।’ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੀ ਅਗਵਾਈ ਹੇਠਲੀ ਸਰਕਾਰ ਇਸ ਮਾਮਲੇ ’ਚ ਕੋਈ ਦਖ਼ਲ ਨਹੀਂ ਦੇ ਰਹੀ ਹੈ। ਉਧਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਕਿਹਾ ਕਿ ਇਹ ਮੁੰਡੇ ਦਾ ਨਿੱਜੀ ਮਾਮਲਾ ਹੈ।
ਇਸ ਦੌਰਾਨ ਵਿਰੋਧੀ ਧਿਰ ਭਾਜਪਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਮੁੰਡੇ ਤੋਂ ਫੌਰੀ ਅਸਤੀਫ਼ਾ ਮੰਗਿਆ ਹੈ। ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਦੋਵੇਂ ਧਿਰਾਂ ਦਾ ਪੱਖ ਸੁਣੇ ਜਾਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੁੰਡੇ ਨੇ ਇਹ ਮੰਨਿਆ ਹੈ ਕਿ ਮਹਿਲਾ ਦੀ ਭੈਣ ਨਾਲ ਉਸ ਨੇ ਵਿਆਹ ਕੀਤਾ ਹੈ ਅਤੇ ਉਸ ਤੋਂ ਦੋ ਬੱਚੇ ਹਨ ਜਿਸ ਦੀ ਜਾਣਕਾਰੀ ਪਤਨੀ, ਪਰਿਵਾਰ ਅਤੇ ਦੋਸਤਾਂ ਨੂੰ ਵੀ ਹੈ। -ਪੀਟੀਆਈ
ਮਹਿਲਾ ਨੇ ਮੈਨੂੰ ਵੀ ਕੀਤਾ ਸੀ ਪ੍ਰੇਸ਼ਾਨ: ਭਾਜਪਾ ਆਗੂ
ਮੁੰਬਈ: ਭਾਜਪਾ ਆਗੂ ਕ੍ਰਿਸ਼ਨਾ ਹੈਗੜੇ ਨੇ ਦਾਅਵਾ ਕੀਤਾ ਹੈ ਕਿ ਜਿਸ ਮਹਿਲਾ ਨੇ ਮਹਾਰਾਸ਼ਟਰ ਦੇ ਮੰਤਰੀ ਧਨੰਜਯ ਮੁੰਡੇ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ ਲਾਏ ਹਨ, ਉਸ ਨੇ ਕਈ ਸਾਲ ਪਹਿਲਾਂ ਉਨ੍ਹਾਂ ਨੂੰ ਵੀ ਪ੍ਰੇਸ਼ਾਨ ਕੀਤਾ ਸੀ। ਅੰਬੋਲੀ ਪੁਲੀਸ ਨੂੰ ਲਿਖੇ ਪੱਤਰ ’ਚ ਸਾਬਕਾ ਵਿਧਾਇਕ ਨੇ ਕਿਹਾ ਕਿ ਇਹ ਮਹਿਲਾ 2010 ਤੋਂ ਉਸ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਮਹਿਲਾ ਨੇ ਹੋਰ ਸਿਆਸੀ ਆਗੂਆਂ ਨੂੰ ਵੀ ਅਜਿਹੇ ਢੰਗ ਨਾਲ ਫਸਾਉਣ ਦੀ ਕੋਸ਼ਿਸ਼ ਕੀਤੀ ਸੀ। -ਪੀਟੀਆਈ