ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਗਸਤ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਲੰਘੇ ਦਿਨ ਕਰਨਾਲ ਵਿੱਚ ਹੋਏ ਲਾਠੀਚਾਰਜ ਦੌਰਾਨ ਆਈਏਐੱਸ ਅਧਿਕਾਰੀ ਵੱਲੋਂ ‘ਕਿਸਾਨਾਂ ਦੇ ਸਿਰ ਭੰਨ ਦਿਓ’ ਵਰਗੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਲਈ ਅਜਿਹੀ ਸ਼ਬਦਾਵਲੀ ਦੀ ਵਰਤਣ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸਾਲ 2022 ’ਚ ਪੰਜਾਬ, ਯੂਪੀ ਸਣੇ 5 ਸੂਬਿਆਂ ਦੀਆਂ ਚੋਣਾਂ ਹੋਣੀਆਂ ਹਨ ਤੇ ਕੁਝ ਰਾਜਨੀਤਕ ਪਾਰਟੀਆਂ ਸਿਆਸੀ ਲਾਹਾ ਲੈਣ ਲਈ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਹਮਾਇਤੀ ਹੋਣ ਦਾ ਦਾਅਵਾ ਕਰਦੀ ਹੈ ਪਰ ਕਾਂਗਰਸ ਦਾ ਕੋਈ ਵੀ ਆਗੂ ਕਿਸਾਨ ਅੰਦੋਲਨਾਂ ਵਿੱਚ ਦਿਖਾਈ ਨਹੀਂ ਦਿੱਤਾ।