ਅਯੁੱਧਿਆ: ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨੇ ਸਮਾਗਮ ’ਚ ਸ਼ਾਮਲ ਹੋਣ ਤੋਂ ਅਸਮਰੱਥਾ ਜਤਾਈ ਹੈ। ਉਮਾ ਭਾਰਤੀ ਨੇ ਸ੍ਰੀ ਰਾਮ ਜਨਮਭੂਮੀ ਤੀਰਥ ਸ਼ੇਤਰ ਟਰੱਸਟ ਦੇ ਸੀਨੀਅਰ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਕਿਹਾ ਹੈ ਕਿ ਉਸ ਦਾ ਨਾਮ 5 ਅਗਸਤ ਨੂੰ ਅਯੁੱਧਿਆ ’ਚ ਰਾਮ ਮੰਦਰ ਦੇ ‘ਭੂਮੀ ਪੂਜਨ’ ਸਮਾਗਮ ਦੇ ਮਹਿਮਾਨਾਂ ਦੀ ਸੂਚੀ ’ਚੋਂ ਹਟਾ ਦਿੱਤਾ ਜਾਵੇ। ਟਵਿਟਰ ’ਤੇ ਉਮਾ ਭਾਰਤੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰਾਂ ਦੀ ਸਿਹਤ ਬਾਰੇ ਫਿਕਰਮੰਦ ਹਨ ਜੋ ਕਰੋਨਾ ਮਹਾਮਾਰੀ ਦਰਮਿਆਨ ਇਥੇ ਸਮਾਗਮ ’ਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਨ੍ਹਾਂ ਲਿਖਿਆ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਕਰੋਨਾ ਹੋਣ ਤੋਂ ਚਿੰਤਿਤ ਹਨ। ਉਮਾ ਨੇ ਕਿਹਾ ਕਿ ਉਹ ਕਿਸੇ ਕਰੋਨਾ ਪੀੜਤ ਦੇ ਸੰਪਰਕ ’ਚ ਆਈ ਹੋ ਸਕਦੀ ਹੈ ਅਤੇ ਅਜਿਹੇ ਹਾਲਾਤ ’ਚ ਉਸ ਨੇ ਪ੍ਰਧਾਨ ਮੰਤਰੀ ਅਤੇ ਹੋਰ ਆਗੂਆਂ ਤੋਂ ਦੂਰੀ ਬਣਾਉਣ ਦਾ ਫ਼ੈਸਲਾ ਲਿਆ ਹੈ।
-ਆਈਏਐਨਐਸ