ਨਵੀਂ ਦਿਲੀ, 13 ਸਤੰਬਰ
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਕੋਵਿਡ-19 ਨੂੰ ਹਰਾ ਚੁੱਕੇ ਮਰੀਜ਼ਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਆਯੁਰਵੈਦਿਕ ਚੀਜ਼ਾਂ ਵਰਤਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿੱਚ ਚਵਨਪ੍ਰਾਸ਼ ਅਤੇ ਆਯੂਸ਼ ਦਵਾਈਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੋਗ, ਕਸਰਤ ਕਰਨ ਅਤੇ ਧਿਆਨ ਕੇਂਦਰਿਤ ਕਰਨ ਦੇ ਵੀ ਸੁਝਾਅ ਦਿੱਤੇ ਗਏ ਹਨ। ਮੰਤਰਾਲੇ ਨੇ ਕਰੋਨਾ ਤੋਂ ਉਭਰ ਚੁੱਕੇ ਲੋਕਾਂ ਨੂੰ ਸਿਹਤਯਾਬੀ ਲਈ ਸਰੀਰ ਦੀ ਪ੍ਰਤੀਰੋਧਕ ਸ਼ਕਤੀ ਵਧਾਉਣ ਵਾਲੀਆਂ ਦਵਾਈਆਂ ਜਿਵੇਂ ਆਯੂਸ਼ ਕਵਥ ਅਤੇ ਸਮਸ਼ਮਨੀ ਵਟੀ ਨੂੰ ਰੋਜ਼ਾਨਾ ਵਰਤੋਂ ’ਚ ਲਿਆਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੂੰ ਰੋਜ਼ਾਨਾ ਯੋਗਾ, ਕਸਰਤ ਅਤੇ ਸੈਰ ਕਰਨ ਲਈ ਵੀ ਕਿਹਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਮਾਸਕ ਪਹਿਨਣ, ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਸਾਹ ਸਵੱਛਤਾ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਦੇ ਰਹਿਣਾ ਚਾਹੀਦਾ ਹੈ।