ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਅੱਜ ਕਿਹਾ ਕਿ ਏਅਰਸੈੱਲ ਮੈਕਸਿਸ ਮਾਮਲੇ ਵਿਚ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ, ਉਸ ਦੇ ਪੁੱਤਰ ਕਾਰਤੀ ਤੇ ਹੋਰਾਂ ਖ਼ਿਲਾਫ਼ ਦਾਇਰ ਕੀਤੇ ਗਏ ਦੋਸ਼ ਪੱਤਰਾਂ ਦਾ ਨੋਟਿਸ ਲੈਣਾ ਹੈ ਜਾਂ ਨਹੀਂ, ਬਾਰੇ ਹੁਕਮ ਉਸ ਵੱਲੋਂ 27 ਨਵੰਬਰ ਨੂੰ ਜਾਰੀ ਕੀਤੇ ਜਾਣਗੇ। ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਜਿਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਗਈ ਸੀ, ਉਨ੍ਹਾਂ ਸਬੰਧੀ ਅਦਾਲਤ ਦੇ ਕੁਝ ਸਵਾਲਾਂ ਦੇ ਜਵਾਬ ਦੋਹਾਂ ਏਜੰਸੀਆਂ ਵੱਲੋਂ ਦਾਇਰ ਕੀਤੇ ਜਾਣ ਤੋਂ ਬਾਅਦ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਇਸ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ। ਜੱਜ ਨੇ ਕਿਹਾ, ‘‘ਅਦਾਲਤ ਵੱਲੋਂ ਮੰਗਿਆ ਗਿਆ ਸਪੱਸ਼ਟੀਕਰਨ ਅੱਜ ਜਾਂਚ ਏਜੰਸੀਆਂ ਵੱਲੋਂ ਦੇ ਦਿੱਤਾ ਗਿਆ ਹੈ। ਮਾਮਲੇ ’ਤੇ ਵਿਚਾਰ ਕਰਨ ਸਬੰਧੀ ਹੁਕਮ 27 ਨਵੰਬਰ ਨੂੰ ਜਾਰੀ ਕੀਤੇ ਜਾਣਗੇ।’’ -ਪੀਟੀਆਈ