ਲਖਨਊੁ, 9 ਅਪਰੈਲ
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਇੱਥੇ ਦੇਸ਼ ਵਿੱਚ ਦਿਨੋਂ-ਦਿਨ ਵਧ ਰਹੀਆਂ ਤੇਲ ਕੀਮਤਾਂ ਦੇ ਮੁੱਦੇ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਹਿੰਦੀ ਵਿੱਚ ਇੱਕ ਟਵੀਟ ਕਰਦਿਆਂ ਕਿਹਾ, ‘‘ਜਦੋਂ ਤੇਲ ਦੀਆਂ ਵਧਦੀਆਂ ਕੀਮਤਾਂ ’ਤੇ ਕੇਂਦਰ ਦਾ ਕੋਈ ਨਿਯੰਤਰਨ ਨਹੀਂ ਹੈ ਅਤੇ ਨਾ ਹੀ ਕੋਈ ਪ੍ਰਬੰਧ ਤੇ ਨਿਯਮ ਹੈ, ਜਦੋਂ ਕਿ ਸਭ ਕੁੱਝ ਬਾਜ਼ਾਰ ਵੱਲੋਂ ਚਲਾਇਆ ਜਾਂਦਾ ਹੈ ਤਾਂ ਪੈਟਰੋਲ, ਡੀਜ਼ਲ ਅਤੇ ਗੈਸ ਮੰਤਰਾਲਾ ਕਿਸ ਕੰਮ ਲਈ ਹੈ? ਇਸ ਨੂੰ ਤੁਰੰਤ ਭੰਗ ਕਰ ਦੇਣਾ ਚਾਹੀਦਾ ਹੈ।’’ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੈਦਾ ਕੀਤੀ ਗਈ ਮਹਿੰਗਾਈ ਲੋਕਾਂ ਨੂੰ ਲਗਾਤਾਰ ਤੇਲ ਤੋਂ ਵਾਂਝੇ ਕਰ ਰਹੀ ਹੈ। -ਪੀਟੀਆਈ