ਨਵੀਂ ਦਿੱਲੀ, 29 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਵੱਖੋ ਵੱਖਰੇ ਤੌਰ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਟਵੀਟ ਕੀਤਾ, ‘ਮਾਣਯੋਗ ਰਾਸ਼ਟਰਪਤੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ।’ ਗ੍ਰਹਿ ਮੰਤਰੀ ਤੇ ਰਾਸ਼ਟਰਪਤੀ ਵਿਚਾਲੇ ਮੁਲਾਕਾਤ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਹਾਸਲ ਨਹੀਂ ਹੋ ਸਕੇ। ਇਸੇ ਤਰ੍ਹਾਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਵੱਲੋਂ ਕੀਤੀ ਗਈ ਟਿੱਪਣੀ ਦੇ ਮਾਮਲੇ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਡਾ. ਮਹੇਂਦਰ ਮੁੰਜਪਾਰਾ, ਘੱਟ ਗਿਣਤੀ ਮਾਮਲਿਆਂ ਬਾਰੇ ਰਾਜ ਮੰਤਰੀ ਜੌਹਨ ਬਾਰਲਾ ਵੀ ਸਮ੍ਰਿਤੀ ਇਰਾਨੀ ਦੇ ਨਾਲ ਸਨ। ਸ਼ਾਹ ਤੇ ਇਰਾਨੀ ਨੇ ਅਜਿਹੇ ਸਮੇਂ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ ਜਦੋਂ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵੱਲੋਂ ਕੀਤੀ ਗਈ ਵਿਵਾਦਤ ਟਿੱਪਣੀ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਹਨ। ਜ਼ਿਕਰਯੋਗ ਹੈ ਕਿ ਅਧੀਰ ਰੰਜਨ ਨੇ ਲੰਘੇ ਬੁੱਧਵਾਰ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਸ਼ਟਰਪਤੀ ਲਈ ‘ਰਾਸ਼ਟਰਪਤਨੀ’ ਸ਼ਬਦ ਦੀ ਵਰਤੋਂ ਕੀਤੀ ਸੀ। -ਪੀਟੀਆਈ