ਨਵੀਂ ਦਿੱਲੀ: ਸੀਬੀਆਈ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ 100 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿੱਚ ਅੱਜ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰਾਂ ਸੰਜੈ ਪਾਂਡੇ ਤੇ ਪਰਮਬੀਰ ਸਿੰਘ ਤੋਂ ਪੁੱਛ ਪੜਤਾਲ ਕੀਤੀ ਹੈ। ਏਜੰਸੀ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। 30 ਜੂਨ ਨੂੰ ਸੇਵਾਮੁਕਤ ਹੋਏ ਪਾਂਡੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਦੋ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਇਹ ਕੇਸ ਉਨ੍ਹਾਂ ਵੱਲੋਂ ਸਥਾਪਤ ਕੰਪਨੀ ਆਈਸੈਕ ਸਰਵਿਸਿਜ਼ ਪ੍ਰਾਈਵੇਟ ਲਿਮਿਟਡ ਵੱਲੋਂ ਐੱਨਐੱਸਈ ਦੇ ਮੁਲਾਜ਼ਮਾਂ ਦੇ ਫੋਨ ਗ਼ੈਰਕਾਨੂੰਨੀ ਢੰਗ ਨਾਲ ਟੈਪ ਕਰਨ ਅਤੇ ਐੱਨਐੱਸਈ ਦਾ ਸਿਸਟਮ ਆਡਿਟ ਕਰਨ ’ਚ ਸੇਬੀ ਦੀ ਹਦਾਇਤਾਂ ਦੀ ਉਲੰਘਣਾ ਕਰਨ ਨਾਲ ਸਬੰਧਤ ਹੈ। ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਦੇਸ਼ਮੁਖ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਿਲਸਿਲੇ ’ਚ ਪੁੱਛ ਪੜਤਾਲ ਲਈ ਸੱਦਿਆ ਸੀ। -ਪੀਟੀਆਈ